ਅੰਮ੍ਰਿਤਸਰ : ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਅਮੀਂਸ਼ਾਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਧੀਨ ਸੇਵਾਵਾਂ ਨਿਭਾ ਰਹੇ ਅਖੰਡ ਪਾਠੀ ਸਿੰਘਾਂ ਨੂੰ ਪੇਸ਼ ਆ ਰਹੀਆਂ ਗੰਭੀਰ ਮੁਸ਼ਕਲਾਂ ਬਾਰੇ ਡੂੰਘੀ ਚਿੰਤਾ ਪ੍ਰਗਟਾਈ ਗਈ। ਮੀਟਿੰਗ ਦੌਰਾਨ ਮੈਂਬਰਾਂ ਨੇ ਦੱਸਿਆ ਕਿ ਪਾਠੀ ਸਿੰਘ ਲੰਮੇ ਸਮੇਂ ਤੋਂ ਕਈ ਪ੍ਰਸ਼ਾਸਕੀ ਅਤੇ ਆਰਥਿਕ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਅਖੰਡ ਪਾਠੀ ਸਿੰਘਾਂ ਨੇ ਇੱਕਜੁੱਟਤਾ ਦਿਖਾਉਂਦੇ ਹੋਏ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਲੜਨ ਦਾ ਸਮਾਂ ਆ ਗਿਆ ਹੈ। ਇਸ ਮੌਕੇ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਅਮੀਂਸ਼ਾਹ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ, ਤਾਂ ਉਹ 16 ਅਪ੍ਰੈਲ ਤੋਂ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਪਾਠੀ ਸਿੰਘਾਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਲਈ ਹੈ। ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣਗੇ ਅਤੇ ਜਦੋਂ ਤੱਕ ਕੋਈ ਠੋਸ ਹੱਲ ਨਹੀਂ ਨਿਕਲਦਾ, ਇਹ ਸੰਘਰਸ਼ ਜਾਰੀ ਰਹੇਗਾ। ਮੈਂਬਰਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਹਾਲਾਤ ਖਰਾਬ ਹੋਣ ਤੋਂ ਪਹਿਲਾਂ ਇਨ੍ਹਾਂ ਮੰਗਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ।