ਤਲਵੰਡੀ ਸਾਬੋ : ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ ਮੰਜ਼ਿਲਾ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਕਿਹਾ ਕਿ ਇਸ ਨਵੀਂ ਇਮਾਰਤ ਨਾਲ ਰਜਿਸਟਰੀ ਤੋਂ ਲੈ ਕੇ ਰਿਕਾਰਡ ਰੂਮ ਤੱਕ ਸਾਰੀਆਂ ਜ਼ਰੂਰੀ ਸਰਕਾਰੀ ਸੇਵਾਵਾਂ ਹਾਈ-ਸਪੀਡ ਡਿਜੀਟਲ ਕਨੈਕਟੀਵਿਟੀ ਨਾਲ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਕੰਪਲੈਕਸ ਵਿੱਚ 28 ਕਮਰੇ ਬਣਾਏ ਗਏ ਹਨ ਜਿਹਨਾਂ ਵਿੱਚ ਆਸਾਨ ਰਜਿਸਟਰੀ, ਐਸਡੀਐਮ ਅਤੇ ਤਹਿਸੀਲਦਾਰ ਅਦਾਲਤਾਂ, ਫਰਦ ਕੇਂਦਰ, ਖਜ਼ਾਨਾ ਦਫ਼ਤਰ, ਰਿਕਾਰਡ ਰੂਮ ਅਤੇ ਹੋਰ ਮੁੱਖ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਇੱਕ ਲਿਫਟ ਅਤੇ ਆਧੁਨਿਕ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕੁਸ਼ਲਤਾ ਦੇ ਨਾਲ-ਨਾਲ ਬਿਹਤਰ ਜਨਤਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਇਮਾਰਤ ਪੂਰੀ ਤਰ੍ਹਾਂ ਖੰਡਰ ਬਣ ਚੁੱਕੀ ਸੀ, ਜੋ ਜਾਨ-ਮਾਲ ਲਈ ਵੱਡਾ ਖ਼ਤਰਾ ਬਣਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਨਵਾਂ ਕੰਪਲੈਕਸ ਤਲਵੰਡੀ ਸਾਬੋ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਸੇਵਾਵਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ 'ਤੇ ਨਵੇਂ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। 40 ਸਾਲ ਪੁਰਾਣੀ ਖੰਡਰ ਇਮਾਰਤ ਦੀ ਥਾਂ 'ਤੇ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਇਹ ਆਧੁਨਿਕ ਕੰਪਲੈਕਸ ਬਣਾਇਆ ਗਿਆ ਹੈ।”ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਇਤਿਹਾਸਕ ਧਰਤੀ 'ਤੇ ਨਵਾਂ ਬਣਿਆ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਆਧੁਨਿਕ, ਨਾਗਰਿਕ-ਕੇਂਦ੍ਰਿਤ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਜ਼ਮੀਨੀ ਪੱਧਰ 'ਤੇ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀ ਸਬ-ਡਿਵੀਜ਼ਨਲ ਕੰਪਲੈਕਸ ਦੀ ਇਮਾਰਤ ਲਗਪਗ 40 ਸਾਲ ਪੁਰਾਣੀ ਸੀ ਅਤੇ ਬਹੁਤ ਹੀ ਖਸਤਾ ਹਾਲਤ ਵਿੱਚ ਸੀ। ਨਵੇਂ ਕੰਪਲੈਕਸ ਦੇ ਨਿਰਮਾਣ 'ਤੇ 6 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਇਸ ਦਾ ਕੁੱਲ ਖੇਤਰਫਲ 3,000 ਵਰਗ ਫੁੱਟ ਹੈ।" ਵਿਸਾਖੀ ਦੇ ਪਵਿੱਤਰ ਮੌਕੇ ਵਧਾਈਆਂ ਦਿੰਦਿਆਂ ਉਨ੍ਹਾਂ ਕਿਹਾ, "ਇਹ ਤਿਉਹਾਰ ਪੰਜਾਬੀ ਅਤੇ ਪੰਜਾਬੀਅਤ ਦੀ ਭਾਵਨਾ ਦੇ ਨਾਲ-ਨਾਲ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵੀ ਹੈ।" ਉਨ੍ਹਾਂ ਯਾਦ ਕੀਤਾ ਕਿ 13 ਅਪ੍ਰੈਲ, 1699 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਸਾਜਿਆ ਸੀ ਅਤੇ ਇਸ ਪਲ ਨੂੰ ਇਤਿਹਾਸ ਵਿੱਚ ਵੀ ਦਰਜ ਕੀਤਾ ਗਿਆ। ਵਿਧਾਨਕ ਮੋਰਚੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪੇਸ਼ ਕਰੇਗੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਸਤਿਕਾਰਯੋਗ ਪਵਿੱਤਰ ਗ੍ਰੰਥਾਂ ਦੀ 'ਬੇਅਦਬੀ' ਨਾਲ ਸਬੰਧਤ ਕਈ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਨੇ ਜਨਤਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਸਮਾਜਿਕ ਸਦਭਾਵਨਾ ਨੂੰ ਭੰਗ ਕੀਤਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਨਿਆਂ ਸੰਹਿਤਾ, 2023 ਦੀਆਂ ਧਾਰਾਵਾਂ 298, 299 ਅਤੇ 300 ਅਧੀਨ ਅਜਿਹੇ ਮਾਮਲੇ ਆਉਂਦੇ ਹਨ, ਪਰ ਇਸ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਸਜ਼ਾ ਦਾ ਕੋਈ ਨੁਸਖ਼ਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਬਹੁਤ ਧਿਆਨ ਨਾਲ ਵਿਚਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਅਤੇ ਆਪਸੀ ਸਤਿਕਾਰ ਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਸਖ਼ਤ ਕਾਨੂੰਨੀ ਉਪਾਅ ਜ਼ਰੂਰੀ ਹਨ।” ਉਨ੍ਹਾਂ ਅੱਗੇ ਕਿਹਾ, “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦੀ ਪੇਸ਼ਕਸ਼ ਕਰਦਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਹ ਕਾਨੂੰਨ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਪੰਜਾਬ ਭਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਦਭਾਵਨਾ ਬਣਾਈ ਰੱਖਣ ਵਿੱਚ ਸਹਾਈ ਸਿੱਧ ਹੋਵੇਗਾ।