ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜਲ੍ਹਿਆਂਵਾਲਾ ਬਾਗ ਸਾਕੇ ਦੀ 107ਵੀਂ ਵਰ੍ਹੇਗੰਡ ਮੌਕੇ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਬਣੀ ਯਾਦਗਾਰ ਅਤੇ ਵਿਰਾਸਤੀ ਖੂਹ ਵਿਖੇ ਫੁੱਲ ਮਾਲਾ ਚੜਾ ਕੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ.-1 ਸ੍ਰੀਮਤੀ ਅਲਕਾ ਕਾਲੀਆ, ਜਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਦੇ ਸਕੱਤਰ ਸ੍ਰੀ ਮੁਖਰਜੀ ਮੈਡਮ ਮਾਲਾ ਚਾਵਲਾ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਜਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਸੰਨ 1919 ਦੀ ਵਿਸਾਖੀ ਨੂੰ ਸਾਕਾ ਜਲ੍ਹਿਆਂਵਾਲਾ ਬਾਗ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਅਮਰ ਸ਼ਹੀਦਾਂ ਨੂੰ ਮੈਂ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਾਕਾ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਭਾਰਤ ਦੀ ਆਜ਼ਾਦੀ ਦਾ ਬੀਜ ਬੀਜਿਆ। ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਸਨਮਾਨ ਭਾਰਤੀਆਂ ਦੇ ਮਨਾਂ `ਚੋਂ ਕਦੇ ਘੱਟ ਨਹੀਂ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਮਹਾਨ ਸ਼ਹੀਦਾਂ ਦਾ ਅਜੇਤੂ ਹੌਸਲਾ ਅੱਜ ਵੀ ਸਾਨੂੰ ਜੂਝਣ ਲਈ ਪ੍ਰੇਰਨਾ ਦੇ ਰਿਹਾ ਹੈ। ਇਸ ਮੌਕੇ ਸਾਕਾ ਜਲ੍ਹਿਆਂਵਾਲਾ ਬਾਗ ਸਬੰਧੀ ਵੱਖ-ਵੱਖ ਸਕੂਲੀ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਇਸ ਖ਼ੂਨੀ ਸਾਕੇ ਦੇ ਦਰਦ ਨੂੰ ਆਪਣੇ ਭਾਵਾਂ ਨਾਲ ਚਿੱਤਰਿਆ ਗਿਆ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਹੋਣ ਵਾਲੇ ਮਹਾਨ ਯੋਧਿਆਂ ਦੀ ਕੁਰਬਾਨੀ ਨੂੰ ਹਮੇਸ਼ਾਂ ਆਪਣੇ ਦਿਲਾਂ ਵਿੱਚ ਜ਼ਿੰਦਾ ਰੱਖਣ। ਉਨ੍ਹਾਂ ਕਿਹਾ ਕਿ ਜਲ੍ਹਿਆਂਵਾਲਾ ਬਾਗ ਹਮੇਸ਼ਾਂ ਸਾਡੇ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।