ਮੋਰਿੰਡਾ :ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਜੂਨੀਅਰ ਵਿੰਗ ਦੇ ਵਿਦਿਆਰਥੀ ਰਵਾਇਤੀ ਪੰਜਾਬੀ ਪੁਸ਼ਾਕਾਂ ਵਿੱਚ ਆਏ ਸਨ। ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਥਾਪਨਾ ਦੇ ਇਤਿਹਾਸ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ। ਇਸਦੇ ਨਾਲ ਹੀ ਵਿਸਾਖੀ ਦੇ ਤਿਉਹਾਰ ਦੀ ਕਿਸਾਨੀ ਮਹੱਤਤਾ ਨੂੰ ਵੀ ਵਿਦਿਆਰਥੀਆਂ ਨੇ ਗਤੀਵਿਧੀਆਂ ਰਾਹੀਂ ਪੇਸ਼ ਕੀਤਾ। ਵਿਦਿਆਰਥੀਆਂ ਨੇ ਭੰਗੜੇ, ਗੀਤਾਂ, ਕਵਿਤਾਵਾਂ ਅਤੇ ਬੋਲੀਆਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਦੌਰਾਨ ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਦੀ ਘਟਨਾ ਦੇ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸਦੇ ਨਾਲ ਹੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਵਸ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਸਕੂਲ ਦੇ ਨਿਰਦੇਸ਼ਕ ਯੂ.ਐੱਸ. ਢਿੱਲੋਂ ਨੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਕੈਪਸ਼ਨ- ਏਂਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਉਣ ਮੌਕੇ ਵਿਦਿਆਰਥੀ।