ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ।
ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਜਵਾਬਦੇਹ ਬਣਾਉਂਦਾ ਹੈ। ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਅਕਾਲੀ-ਭਾਜਪਾ ਅਤੇ ਕਾਂਗਰਸ ਗੁਰੂ ਸਾਹਿਬ ਦੇ ਨਾਮ ਤੇ ਵੋਟਾਂ ਮੰਗਦੇ ਸਨ, ਉੱਥੇ ਇਹ ‘ਆਪ ਸਰਕਾਰ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਠੋਸ ਕਦਮ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਦੁਬਾਰਾ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਬਹਿਸ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਜ਼ੀਮ ਸਦਨ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਬਿੱਲ ਭਵਿੱਖ ਵਿੱਚ ਬੇਅਦਬੀ ਦੇ ਅੰਤ ਨੂੰ ਦਰਸਾਉਂਦਾ ਹੈ ਕਿਉਂਕਿ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਨਹੀਂ ਕਰੇਗਾ।" ਮੁੱਖ ਮੰਤਰੀ ਨੇ ਕਿਹਾ, “ਪਿਛਲੇ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਿਨਾਉਣੀਆਂ ਕਾਰਵਾਈਆਂ ਸੂਬੇ ਵਿੱਚ ਸਖ਼ਤ ਮਿਹਨਤ ਨਾਲ ਬਣਾਈ ਸ਼ਾਂਤੀ, ਸਦਭਾਵਨਾ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ। ਅਜਿਹਾ ‘ਅਣਮਨੁੱਖੀ ਅਤੇ ਘਿਨਾਉਣਾ ਕਾਰਾ` ਮਨੁੱਖਤਾ ਵਿਰੁੱਧ ਪਾਪ ਸੀ, ਜੋ ਮੁੱਠੀ ਭਰ ਸਮਾਜ ਵਿਰੋਧੀ ਅਨਸਰਾਂ ਦੁਆਰਾ ਕੀਤਾ ਗਿਆ ਸੀ, ਜੋ ਸੂਬੇ ਵਿੱਚ ਸ਼ਾਂਤੀ, ਸਦਭਾਵਨਾ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਤਿਆਰ ਸਨ। ਉਨ੍ਹਾਂ ਅੱਗੇ ਕਿਹਾ ਕਿ ਜਿਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਲਈ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ, ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਲੋਕ ਨੁਮਾਇੰਦਾ ਸਦਨ ਵਿੱਚ ਮੌਜੂਦ ਨਹੀਂ ਹੈ। ਉਨ੍ਹਾਂ ਨੇ ਸਦਨ ਤੋਂ ਦੂਰ ਰਹਿਣਾ ਹੀ ਵਾਜਬ ਸਮਝਿਆ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਅੱਜ ਸਾਡਾ ਪਰਦਾਫਾਸ਼ ਹੋਣਾ ਲਾਜ਼ਮੀ ਹੈ। ਇਨ੍ਹਾਂ ਆਗੂਆਂ ਦੇ ਹੱਥ ਨਿਰਦੋਸ਼ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੀ ਨਹੀਂ ਬਖ਼ਸ਼ਿਆ। ਬਿਲ ਦੇ ਉਪਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਕੇ ਹੁਣ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਬਣਾਇਆ ਗਿਆ ਹੈ ਤਾਂ ਜੋ ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬੇਅਦਬੀ ਦੀਆਂ ਨਾਪਾਕ ਕੋਸ਼ਿਸ਼ਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਇਹ ਦੇਖਿਆ ਗਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋਸ਼ੀ ਮਾਨਸਿਕ ਤੌਰ 'ਤੇ ਪਰੇਸ਼ਾਨ ਹੋਣ ਦਾ ਦਿਖਾਵਾ ਕਰਦਾ ਹੈ ਪਰ ਇਸ ਐਕਟ ਵਿੱਚ ਕਿਹਾ ਗਿਆ ਹੈ ਕਿ ਮਾਨਸਿਕ ਤੌਰ 'ਤੇ ਪਰੇਸ਼ਾਨ ਹੋਣ ਦਾ ਦਿਖਾਵਾ ਕਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਇਸ ਗੈਰ-ਮੁਆਫੀਯੋਗ ਅਪਰਾਧ ਲਈ ਮੁਕੱਦਮਾ ਚਲਾਇਆ ਜਾਵੇਗਾ। ਇਸ ਵਿੱਚ 'ਕਸਟੋਡੀਅਨ' ਦੀ ਪਰਿਭਾਸ਼ਾ ਦਿੱਤੀ ਗਈ ਹੈ, ਜਿਸ ਅਨੁਸਾਰ ਹਰੇਕ ਕਸਟੋਡੀਅਨ ਨੂੰ ਸੁਰੱਖਿਅਤ ਕਸਟਡੀ, ਸੁਰੱਖਿਆ ਲਈ ਅਤੇ ਦੁਰਵਰਤੋਂ ਜਾਂ ਨੁਕਸਾਨ ਨੂੰ ਰੋਕਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਜਾਵੇਗਾ (ਧਾਰਾ 3ਬੀ)।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ 'ਤੇ 7 ਤੋਂ 20 ਸਾਲ ਦੀ ਕੈਦ ਅਤੇ 2 ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਮਾਜਿਕ ਜਾਂ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਬੇਅਦਬੀ ਕਰਨ 'ਤੇ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਤੋਂ 25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਸਜ਼ਾ ਮਿਲੇਗੀ ਅਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ 'ਤੇ 3 ਤੋਂ 5 ਸਾਲ ਦੀ ਕੈਦ ਅਤੇ 1-3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ”ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਮੇਰੇ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਸੀ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਸਨ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਜਸ਼ਨ ਪੂਰੇ ਧਾਰਮਿਕ ਜੋਸ਼ ਅਤੇ ਉਤਸ਼ਾਹ ਨਾਲ ਮਨਾਏ ਜਾਣ। ਉਨ੍ਹਾਂ ਨੇ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜਸ਼ਨਾਂ ਦੀ ਰੂਪਰੇਖਾ ਅਤੇ ਪ੍ਰੋਗਰਾਮਾਂ ਨੂੰ ਅੰਤਮ ਰੂਪ ਦੇਣ ਲਈ ਆਪਣੇ ਸੁਝਾਅ ਦੇ ਕੇ ਸੂਬੇ ਦੀ ਅਗਵਾਈ ਕਰਨ।"