ਪਾਤੜਾਂ : ਪੰਜਾਬ ਸਰਕਾਰ ਵੱਲੋਂ ਹਾੜੀ ਦੀ ਪ੍ਰਮੁੱਖ ਫਸਲ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪ੍ਰੈਲ ਤੋਂ ਕੀਤਾ ਜਾਣ ਦਾ ਦਾਅਵਾ ਕੀਤਾ ਗਿਆ ਸੀ ਪਰ ਪੱਕਣ ਦੇ ਨੇੜੇ ਪੁੱਜੀ ਕਣਕ ਦੀ ਫਸਲ ਉੱਤੇ ਬਰਸਾਤ ਪੈ ਜਾਣ ਕਰਕੇ ਕਣਕ ਦੀ ਖਰੀਦ ਵਿੱਚ ਹੋਈ ਦੇਰੀ ਮਗਰੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵੱਲੋਂ ਅਨਾਜ ਮੰਡੀ ਪਾਤੜਾਂ ਵਿੱਚ ਕਣਕ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਕਣਕ ਦੀ ਖਰੀਦ ਸ਼ੁਰੂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਕਣਕ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਬਰਸਾਤ ਦੇ ਮੌਸਮ ਕਰਕੇ ਕਣਕ ਦੀ ਖਰੀਦ ਸ਼ੁਰੂ ਕਰਨ ਵਿੱਚ ਕੁਝ ਦੇਰੀ ਹੋਈ ਹੈ। ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਮਾਰਕੀਟ ਕਮੇਟੀ ਪਾਤੜਾਂ ਅਧੀਨ ਆਉਂਦੀਆਂ ਅਨਾਜ ਮੰਡੀਆਂ ਅਤੇ ਸਬ ਯਾਰਡਾਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਖਰੀਦ ਏਜੰਸੀਆਂ ਦੇ ਅਧਿਕਾਰੀ ਮੰਡੀਆਂ ਵਿੱਚ ਪਹੁੰਚ ਗਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਬੈਠਣ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਤੇਜਪਾਲ ਸ਼ਰਮਾ, ਮੀਤ ਪ੍ਰਧਾਨ ਪੰਜਾਬ ਸੰਦੀਪ ਕੁਮਾਰ ਕਾਲਾ, ਡਾਕਟਰ ਡੀਡੀ ਸਿੰਗਲਾ, ਸ਼ਹਿਰੀ ਪ੍ਰਧਾਨ ਆਪ ਮਦਨ ਲਾਲ ਗੋਇਲ ਆਦਿ ਹਾਜ਼ਰ ਸਨ।
ਫੋਟੋ : ਅਨਾਜ ਮੰਡੀ ਪਾਤੜਾਂ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਅਤੇ ਚੇਅਰਮੈਨ ਮਹਿੰਗਾ ਸਿੰਘ ਬਰਾੜ।