ਡੇਰਾਬੱਸੀ : ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਮੇਨ ਰੋਡ ਡੇਰਾਬੱਸੀ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਨਾਲ ਸੰਗਤਾਂ ਨੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ। ਸਮਾਗਮ ਦੌਰਾਨ ਸਿੱਖ ਇਤਿਹਾਸ ਵਿੱਚ ਖਾਲਸਾ ਪੰਥ ਦੀ ਸਥਾਪਨਾ ਦੇ ਮਹੱਤਵ ਨੂੰ ਵੀ ਯਾਦ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਰਸਤੇ ‘ਤੇ ਤੁਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪਹਿਲੀ ਮੰਜ਼ਿਲ ‘ਤੇ ਬਣਨ ਵਾਲੇ ਵਿਸ਼ਾਲ ਦੀਵਾਨ ਹਾਲ ਦੀ ਸ਼ੁਰੂਆਤ ਵੀ ਕਰਵਾਈ ਗਈ। ਦਮਦਮੀ ਟਕਸਾਲ ਤੋਂ ਪਹੁੰਚੇ ਪੰਜ ਪਿਆਰਿਆਂ ਵੱਲੋਂ ਰਿਵਾਇਤੀ ਤੌਰ ‘ਤੇ ਪੰਜ ਇੱਟਾਂ ਰੱਖ ਕੇ ਇਸ ਪਵਿੱਤਰ ਕਾਰਜ ਦਾ ਆਰੰਭ ਕੀਤਾ ਗਿਆ। ਪ੍ਰਬੰਧਕ ਕਮੇਟੀ ਮੁਤਾਬਕ ਇਸ ਇਮਾਰਤ ਦੇ ਨਿਰਮਾਣ ‘ਤੇ ਲਗਭਗ ਡੇਢ ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਨੂੰ ਸੰਗਤਾਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ।
ਸਮਾਗਮ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਸਾਬਕਾ ਵਿਧਾਇਕ ਐਨ ਕੇ ਸ਼ਰਮਾ ਅਤੇ ਭਾਜਪਾ ਦੇ ਆਗੂ ਗੁਰਦਰਸ਼ਨ ਸੈਣੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਦਿਆਂ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਇਤਿਹਾਸ ਅਤੇ ਮੂਲਿਆਂ ਨਾਲ ਜੋੜਦੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਦੀਵਾਨ ਹਾਲ ਦੀ ਇਮਾਰਤ ਲਈ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ ਗਿਆ।
ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।