ਭੁੱਚੋ ਮੰਡੀ : ਵਿਸਾਖੀ ਦੇ ਪਵਿੱਤਰ ਮੌਕੇ ’ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਬਠਿੰਡਾ ਵੱਲੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ। ਇਸ ਸਬੰਧੀ ਸਥਾਨਕ ਆਮ ਆਦਮੀ ਕਲੀਨਿਕ ਵਿਖੇ ਇੱਕ ਸਧਾਰਨ ਪਰ ਅਰਥਪੂਰਨ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਕਲੀਨਿਕ ਭੁੱਚੋ ਮੰਡੀ ਵਿੱਚ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾ ਰਹੀ ਡਾ. ਮਿਤਾਲੀ ਅਗਰਵਾਲ ਅਤੇ ਆਮ ਆਦਮੀ ਕਲੀਨਿਕ ਲਹਿਰਾ ਮੁਹੱਬਤ ਵਿਖੇ ਕਲੀਨਿਕ ਅਸਿਸਟੈਂਟ ਸੁਖਪਾਲ ਕੌਰ ਨੂੰ ਉਨ੍ਹਾਂ ਦੀਆਂ ਉਤਕ੍ਰਿਸ਼ਟ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾ. ਉਮੇਸ਼ ਗੁਪਤਾ ਨੇ ਕਿਹਾ ਕਿ ਸਿਹਤ ਕਰਮਚਾਰੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਡਾ. ਮਿਤਾਲੀ ਅਗਰਵਾਲ ਅਤੇ ਸੁਖਪਾਲ ਕੌਰ ਨੇ ਆਪਣੀਆਂ ਡਿਊਟੀਆਂ ਬਹੁਤ ਹੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਈਆਂ ਹਨ, ਜਿਸ ਕਰਕੇ ਉਹ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਹੋਰ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਚੰਗਾ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪ੍ਰੋਤਸਾਹਿਤ ਕਰਨ ਲਈ ਇਸ ਤਰ੍ਹਾਂ ਦੇ ਸਨਮਾਨ ਸਮਾਗਮ ਕਰਵਾਏ ਜਾਂਦੇ ਹਨ, ਤਾਂ ਜੋ ਹੋਰ ਕਰਮਚਾਰੀਆਂ ਨੂੰ ਵੀ ਪ੍ਰੇਰਨਾ ਮਿਲੇ ਅਤੇ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਹੋਰ ਜ਼ਿਆਦਾ ਉਤਸ਼ਾਹ ਨਾਲ ਕੰਮ ਕਰਨ। ਇਸ ਮੌਕੇ ਸਿਹਤ ਵਿਭਾਗ ਦੇ ਕਰਮੀ ਰਾਜਵਿੰਦਰ ਸਿੰਘ, ਸੰਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੀ ਮੌਜੂਦ ਸਨ। ਸਮਾਗਮ ਦੌਰਾਨ ਸਾਰੇ ਹਾਜ਼ਰ ਵਿਅਕਤੀਆਂ ਨੇ ਸਨਮਾਨਿਤ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।