ਨਵੀਂ ਦਿੱਲੀ : ਲੋਕ ਸਭਾ ਵਿੱਚ ਸੀਟਾਂ ਵਧਾਉਣ ਦੇ ਪ੍ਰਸਤਾਵ ਦਾ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਅਸੀਂ ਮਹਿਲਾ ਰਾਖਵੇਂਦਰ ਦੇ ਵਿਰੁੱਧ ਨਹੀਂ ਹਾਂ ਪਰ ਸਰਕਾਰ ਵਿਰੋਧੀ ਧਿਰ ਨੂੰ ਦਬਾਉਣ ਲਈ ਰਾਜਨੀਤਿਕ ਕਾਰਨਾਂ ਕਰਕੇ ਇਸ ਨੂੰ ਅੱਗੇ ਵਧਾ ਰਹੀ ਹੈ। ਇਸ ਲਈ ਅਸੀਂ ਹੱਦਬੰਦੀ ਬਿੱਲ ਦਾ ਵਿਰੋਧ ਕਰਨ ਦਾ ਫ਼ੈਸਲਾ ਲਿਆ ਹੈ। ਖੜਗੇ ਨੇ ਪੱਤਰਕਾਰਾਂ ਨੂੰ ਕਿਹਾ ਕਿ ਪੁਰੀ ਵਿਰੋਧੀ ਧਿਰ ਬਿੱਲ ਦੇ ਵਿਰੋਧ ਵਿੱਚ ਵੋਟ ਦੇਵੇਗੀ। ਜ਼ਿਕਰਯੋਗ ਹੈ ਕਿ ਸਰਕਾਰ 16, 17 ਅਤੇ 18 ਅਪ੍ਰੈਲ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਤਿੰਨ ਬਿੱਲ ਪੇਸ਼ ਕਰਨ ਵਾਲੀ ਹੈ। ਇਨ੍ਹਾਂ ਵਿੱਚ ਸੰਵਿਧਾਨ (131ਵਾਂ ਸੋਧ) ਬਿੱਲ, ਹੱਦਬੰਦੀ (ਸੋਧ) ਬਿੱਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ, 2026 ਸ਼ਾਮਲ ਹਨ। ਸਰਕਾਰ ਲੋਕ ਸਭਾ ਸੀਟਾਂ ਦੀ ਗਿਣਤੀ 543 ਤੋਂ ਵਧਾ ਕੇ 850 ਕਰਨ ਦਾ ਪ੍ਰਸਤਾਵ ਰੱਖਦੀ ਹੈ। ਇਨ੍ਹਾਂ ਵਿਚੋਂ ਲਗਪਗ 273 ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।