ਸੁਨਾਮ, 15 ਅਪ੍ਰੈਲ (ਪੰਜਾਬੀ ਸਹਿਜ ਟਾਈਮਜ਼) : ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੇ ਮਾਜੂ ਹੋਏ ਦਾਣੇ ਦਾ ਬਹਾਨਾ ਬਣਾਕੇ ਖਰੀਦ ਨਾ ਕੀਤੇ ਜਾਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 16 ਅਪਰੈਲ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਬਾਰੇ ਲਾਮਬੰਦੀ ਕਰਨ ਲਈ ਜਥੇਬੰਦੀ ਦੇ ਆਗੂਆਂ ਨੇ ਬੁੱਧਵਾਰ ਨੂੰ ਸੁਨਾਮ ਬਲਾਕ ਦੇ ਪਿੰਡਾਂ ਵਿੱਚ ਵੈਨ ਰਾਹੀਂ ਪ੍ਰਚਾਰ ਕੀਤਾ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੁਨਾਮ ਬਲਾਕ ਦੇ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਆਖਿਆ ਕਿ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਸੂਬੇ ਅੰਦਰ ਕਣਕ ਦੇ ਮਾਜੂ ਹੋਏ ਦਾਣੇ ਦਾ ਬਹਾਨਾ ਬਣਾ ਕੇ ਸੂਬਾ ਸਰਕਾਰ ਦੀਆਂ ਖਰੀਦ ਏਜੰਸੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਾ ਦੇ ਬਰਾਬਰ ਕਰ ਰਹੀਆਂ ਹਨ। ਕਣਕ ਵੇਚਣ ਆਏ ਕਿਸਾਨ ਪਿਛਲੇ 10-12 ਦਿਨਾਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੂਬੇ ਅੰਦਰ ਕਣਕ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ 16 ਅਪਰੈਲ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਸਾਹਮਣੇ ਧਰਨੇ ਦੇਣ ਦਾ ਐਲਾਨ ਕੀਤਾ ਹੈ। ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਲਈ ਵੈਨ ਰਾਹੀਂ ਪਿੰਡਾਂ ਵਿੱਚ ਲਾਮਬੰਦੀ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਣਕ ਦੀ ਖਰੀਦ ਨੂੰ ਯਕੀਨੀ ਬਣਾਵੇ ਤਾਂ ਜੋ ਪੁੱਤਰਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਵੇਚਕੇ ਸੁਰਖੁਰੂ ਹੋ ਸਕਣ। ਉਨ੍ਹਾਂ ਕਿਹਾ ਕਿ 16 ਅਪਰੈਲ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਵੱਡੀ ਗਿਣਤੀ ਕਿਸਾਨ ਸ਼ਿਰਕਤ ਕਰਨਗੇ।
ਫਾਈਲ 15-* ਬੀਕੇਯੂ ਸੁਨਾਮ