ਕੋਟਕਪੂਰਾ : ਬੀਤੇ ਦਿਨੀਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਇਤਿਹਾਸਕ ਫੈਸਲਾ ਲੈਂਦਿਆਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਦਨ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਹ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਇਸ ਮੌਕੇ ਡਾ. ਹਰਪਾਲ ਸਿੰਘ ਢਿੱਲਵਾਂ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ, ਨੈਸ਼ਨਲ ਐਵਾਰਡੀ ਅਤੇ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਫ਼ਰੀਦਕੋਟ ਨੇ ਇਸ ਫੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਲਈ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਦਮ ਹੈ, ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਇਹ ਵੀ ਕਿਹਾ ਕਿ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਲਿਆ ਗਿਆ ਇਹ ਫੈਸਲਾ ਸਿੱਖ ਪੰਥ ਲਈ ਇੱਕ ਇਤਿਹਾਸਕ ਦਿਨ ਹੈ ਅਤੇ ਇਹ ਕਾਨੂੰਨ ਸਮਾਜ ਵਿੱਚ ਅਮਨ-ਸ਼ਾਂਤੀ ਅਤੇ ਧਾਰਮਿਕ ਸਤਿਕਾਰ ਨੂੰ ਹੋਰ ਮਜ਼ਬੂਤ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਦਾ ਹੈ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਤੇਜ਼ ਅਤੇ ਪ੍ਰਭਾਵਸ਼ਾਲੀ ਕਾਰਵਾਈ ਨੂੰ ਯਕੀਨੀ ਬਣਾਉਂਦਾ ਹੈ। ਇਸ ਅਧੀਨ ਅਪਰਾਧਾਂ ਨੂੰ ਗੈਰ-ਜ਼ਮਾਨਤੀ ਕਰਾਰ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਲਈ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਖ਼ਤ ਸਜ਼ਾ ਦੇ ਨਾਲ 20 ਲੱਖ ਰੁਪਏ ਤੱਕ ਜੁਰਮਾਨੇ ਦੀ ਵੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੂਹ ਮਨੁੱਖਤਾ ਦੇ ਸਾਂਝੇ ਗੁਰੂ ਹਨ ਅਤੇ ਉਨ੍ਹਾਂ ਦੀ ਬੇਅਦਬੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਕਾਨੂੰਨ ਨਾਲ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ‘ਤੇ ਵੱਡੀ ਰੋਕ ਲੱਗੇਗੀ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਮਿਲਣਗੀਆਂ। ਜ਼ਿਕਰਯੋਗ ਹੈ ਕਿ ਇਹ ਬਿੱਲ ਸਦਨ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਸਹਿਮਤੀ ਨਾਲ ਸਰਬਸੰਮਤੀ ਰਾਹੀਂ ਪਾਸ ਹੋਇਆ, ਜਿਸਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਇਤਿਹਾਸਕ ਮੋੜ ਵਜੋਂ ਦੇਖਿਆ ਜਾ ਰਿਹਾ ਹੈ।