ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦਫ਼ਤਰ ਵਿਖੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੋਟਕਪੂਰਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਲੋਕ-ਪੱਖੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ,ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਇਸ ਮੌਕੇ ਸਪੀਕਰ ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ ਵਿਖੇ ਤਹਿਸੀਲ ਕੰਪਲੈਕਸ, ਨਵੇਂ ਬੱਸ ਸਟੈਂਡ ਅਤੇ ਨਗਰ ਕੌਂਸਲ ਦੀ ਇਮਾਰਤ ਦੀ ਉਸਾਰੀ ਲਈ ਪੰਜਾਬ ਮੰਡੀ ਬੋਰਡ ਤੋਂ ਜ਼ਮੀਨ ਪ੍ਰਾਪਤ ਕਰਨ ਸਬੰਧੀ ਚੱਲ ਰਹੀ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਤਰਜੀਹ ਦੇ ਆਧਾਰ ‘ਤੇ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕਾ ਨਿਵਾਸੀਆਂ ਨੂੰ ਜਲਦੀ ਤੋਂ ਜਲਦੀ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਖਾਸ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇਹ ਪ੍ਰਾਜੈਕਟ ਕੋਟਕਪੂਰਾ ਦੇ ਸਮੂਹਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਕੰਮ ਨੂੰ ਸਮੇਂ ਸਿਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਬਰਕਰਾਰ ਰੱਖੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਦੀ ਚੱਲ ਰਹੇ ਕੰਮਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਫਰਮਾਂ ਤੋਂ ਚੱਲ ਰਹੇ ਕੰਮ ਦੀ ਪ੍ਰਗਤੀ ਸਬੰਧੀ ਹਫਤਾਵਾਰੀ ਰਿਪੋਰਟ ਵੀ ਪ੍ਰਾਪਤ ਕੀਤੀ ਜਾਵੇ ਤਾਂ ਜੋ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਇਸ ਦਾ ਲਾਹਾ ਦਿੱਤਾ ਜਾ ਸਕੇ।