ਰਾਮਪੁਰਾਫੂਲ/ਬਠਿੰਡਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਬਠਿੰਡਾ ਦਿਹਾਤੀ ਵਿੱਚ ਜਗਮੀਤ ਸਿੰਘ ਘੜੈਲੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕੇ ਵਿੱਚ ਕਾਂਗਰਸ ਨੂੰ ਹੋਰ ਤਾਕਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਜਗਮੀਤ ਸਿੰਘ ਘੜੈਲੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਅਤੇ ਜ਼ਿੰਮੇਵਾਰੀ ਭਰਿਆ ਮੌਕਾ ਹੈ। ਉਨ੍ਹਾਂ ਖਾਸ ਤੌਰ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਠਿੰਡਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ ਅਤੇ ਉਹ ਵੀ ਇਸ ਪਰੰਪਰਾ ਨੂੰ ਅੱਗੇ ਵਧਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋ ਕੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਉੱਚਾਈਆਂ ‘ਤੇ ਲਿਜਾਣ ਲਈ ਯਤਨ ਕਰਨ। ਜਗਮੀਤ ਸਿੰਘ ਘੜੈਲੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ, ਨਿਸ਼ਠਾ ਅਤੇ ਲਗਨ ਨਾਲ ਨਿਭਾਉਂਦੇ ਹੋਏ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।