ਦਲਿਤ ਔਰਤਾਂ ਨੂੰ 1,500 ਤੇ ਹੋਰ ਵਰਗਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਸੁਨਾਮ ਵਿਖੇ ਰਜਿਸਟ੍ਰੇਸ਼ਨ ਸ਼ੁਰੂ ਕਰਵਾਈ। ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਪਹਿਲਾਂ ਸੂਬੇ ਦੇ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ , ਇਨ੍ਹਾਂ ਵਿੱਚ ਸੁਨਾਮ ਹਲਕਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ। ਇਸ ਨਾਲ ਹਰ ਯੋਗ ਔਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਗਈ ਹੈ ਭਾਵੇਂ ਉਹ ਕਦੋਂ ਵੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਨੂੰ ਸੁਖਾਲਾ ਬਣਾਉਣ ਲਈ ਸੁਨਾਮ ਹਲਕੇ ਵਿੱਚ 1796 ‘ਮਹਿਲਾ ਸਤਿਕਾਰ ਸਖੀਆਂ‘ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸ਼ਨ ਵਿੱਚ ਮੱਦਦ ਕਰਨਗੀਆਂ। ਸੁਨਾਮ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸੁਰੂਆਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸਾਮਲ ਹੈ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜਰੂਰੀ ਹੈ।” ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਔਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਜਿੰਨਾ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ , ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ।” ਉਨ੍ਹਾਂ ਕਿਹਾ, “ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ। ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਗੁਰਤੇਗ ਸਿੰਘ ਨਿੱਕਾ, ਅਮਰੀਕ ਸਿੰਘ, ਹਰਵਿੰਦਰ ਸਿੰਘ ਨਾਮਧਾਰੀ, ਰੁਪਿੰਦਰ ਸਿੰਘ, ਆਸ਼ਾ ਬਜਾਜ, ਮਨਜੀਤ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਬਾਂਸਲ, ਸੁਮਨਪ੍ਰੀਤ, ਸੋਨੂੰ ਵਰਮਾ, ਯਾਦਵਿੰਦਰ ਸਿੰਘ ਨਿਰਮਾਣ, ਮੁਨੀਸ਼ ਸੋਨੀ, ਵਿਕਰਮ ਗਰਗ ਵਿੱਕੀ ਅਤੇ ਚਮਕੌਰ ਹਾਂਡਾ ਸਮੇਤ ਵੱਡੀ ਗਿਣਤੀ ਮਹਿਲਾਵਾਂ ਮੌਜੂਦ ਸਨ।