ਬਠਿੰਡਾ/ਰਾਮਪੁਰਾ ਫੂਲ : ਹਲਕਾ ਰਾਮਪੁਰਾ ਫੂਲ ਦੇ ਪਿੰਡ ਕੋਠਾ ਗੁਰੂ ਕਾ ਵਿਖੇ ਅੱਜ ਮਾਰਕਫੈੱਡ ਵੱਲੋਂ ਕਣਕ ਦੀ ਸਰਕਾਰੀ ਖਰੀਦ ਲਈ ਬੋਲੀ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮਾਰਕਫੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਖਾਸ ਤੌਰ ‘ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਅੰਜ਼ਾਮ ਦੇਣ ਲਈ ਹਰ ਸੰਭਵ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਫਸਲ ਦਾ ਯੋਗ ਮੁੱਲ ਸਮੇਂ ‘ਤੇ ਮਿਲੇ। ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਸਾਫ-ਸੁਥਰਾ ਮਾਹੌਲ, ਪੀਣ ਵਾਲੇ ਪਾਣੀ, ਬਿਜਲੀ ਅਤੇ ਬੈਠਕ ਦੀਆਂ ਸੁਵਿਧਾਵਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ। ਚੇਅਰਮੈਨ ਮਾਨ ਨੇ ਕਿਹਾ ਕਿ ਕਿਸਾਨ ਸਾਡੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਤਰੱਕੀ ਨਾਲ ਹੀ ਸੂਬੇ ਦੀ ਤਰੱਕੀ ਸੰਭਵ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਜਾਵੇਗੀ।