ਅੰਮ੍ਰਿਤਸਰ : ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ ਨੇ ਮਹਿਤਾ ਮੰਡੀ, ਅੰਮ੍ਰਿਤਸਰ ਪਹੁੰਚ ਕੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਖਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਅਤੇ ਮੰਡੀਆਂ ਵਿੱਚ ਚੱਲ ਰਹੇ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸ੍ ਈ:ਟੀ:ਓ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ ਸਮੇਂ ਸਿਰ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕੋਈ ਦਿੱਕਤ ਨਾ ਆਵੇ। ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਤੇਜ਼ ਬਣਾਉਣ ਲਈ ਅਧਿਕਾਰੀਆਂ ਨੂੰ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਕਿਸਾਨਾਂ ਲਈ ਮੰਡੀਆਂ ਵਿੱਚ ਸਾਫ਼ ਪਾਣੀ, ਬੈਠਣ ਦੀ ਸਹੂਲਤ, ਰੌਸ਼ਨੀ ਅਤੇ ਸੈਨੀਟੇਸ਼ਨ ਵਰਗੀਆਂ ਬੁਨਿਆਦੀ ਸੁਵਿਧਾਵਾਂ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜ ਨਿਰਵਿਘਨ ਤਰੀਕੇ ਨਾਲ ਚੱਲ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਲਿਫਟਿੰਗ, ਢੋਆ-ਢੁਆਈ ਅਤੇ ਸਮੇਂ ਸਿਰ ਭੁਗਤਾਨ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।