ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸ੍ਰ. ਸੋਭਾ ਸਿੰਘ ਫਾਈਨ ਆਰਟਸ ਵਿਭਾਗ ਵੱਲੋਂ ਮਿਊਜ਼ੀਅਮ ਅਤੇ ਆਰਟ ਗੈਲਰੀ ਦੇ ਸਹਿਯੋਗ ਨਾਲ ਲਗਾਈ ਜਾ ਰਹੀ 31ਵੀਂ ਸਾਲਾਨਾ ਕਲਾ ਪ੍ਰਦਰਸ਼ਨੀ ਅੱਜ ਆਰੰਭ ਹੋ ਗਈ ਹੈ। 'ਪਰਵਾਜ਼-ਏ-ਖ਼ਿਆਲ' ਸਿਰਲੇਖ ਤਹਿਤ ਲਗਾਈ ਜਾ ਰਹੀ ਇਸ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਪ੍ਰਦਰਸ਼ਨੀ ਵਿੱਚ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਕਲਾ-ਕਿਰਤਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕਲਾ ਮਨੁੱਖੀ ਸੰਵੇਦਨਾਵਾਂ ਨੂੰ ਪ੍ਰਗਟਾਉਣ ਦਾ ਸਭ ਤੋਂ ਉੱਤਮ ਜ਼ਰੀਆ ਹੈ ਅਤੇ ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਨਵੀਂ ਉਡਾਣ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਪਰਵਾਜ਼-ਏ-ਖ਼ਿਆਲ' ਵਰਗੇ ਮੰਚ ਨੌਜਵਾਨ ਕਲਾਕਾਰਾਂ ਨੂੰ ਆਪਣੀ ਕਲਾਤਮਕ ਪ੍ਰਤਿਭਾ ਨੂੰ ਪਛਾਣਨ ਅਤੇ ਨਿਖਾਰਨ ਦਾ ਸੁਨਹਿਰੀ ਮੌਕਾ ਦਿੰਦੇ ਹਨ।
ਇਸ ਪ੍ਰਦਰਸ਼ਨੀ ਵਿੱਚ ਪੇਂਟਿੰਗ, ਇੰਸਟਾਲੇਸ਼ਨ, ਗ੍ਰਾਫਿਕਸ ਪ੍ਰਿੰਟ ਮੇਕਿੰਗ ਅਤੇ ਸੈਰਾਮਿਕ ਪੌਟਰੀ ਵਰਗੀਆਂ ਵੱਖ-ਵੱਖ ਕਲਾ ਵੰਨਗੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।
ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅੰਬਾਲਿਕਾ ਸੂਦ ਜੈਕਬ ਨੇ ਕਿਹਾ ਕਿ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਯੂਨੀਵਰਸਿਟੀ ਦੀ ਮਿਊਜ਼ੀਅਮ ਅਤੇ ਆਰਟ ਗੈਲਰੀ ਵਿਖੇ 30 ਮਈ 2026 ਤੱਕ ਰੋਜ਼ਾਨਾ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਆਮ ਲੋਕਾਂ ਅਤੇ ਕਲਾ ਪ੍ਰੇਮੀਆਂ ਲਈ ਖੁੱਲ੍ਹੀ ਰਹੇਗੀ।
ਡਾ. ਕਵਿਤਾ ਸਿੰਘ ਵੱਲੋਂ ਆਪਣੇ ਧੰਨਵਾਦੀ ਭਾਸ਼ਣ ਦੌਰਾਨ ਕਲਾਵਾਂ ਸਬੰਧੀ ਟਿੱਪਣੀਆਂ ਕੀਤੀਆਂ ਗਈਆਂ।
ਇਸ ਮੌਕੇ ਵਿਭਾਗ ਦੇ ਫੈਕਲਟੀ ਮੈਂਬਰ ਡਾ. ਅਤਿੰਦਰਪਾਲ ਸਿੰਘ, ਸਰਬਜੀਤ ਸਿੰਘ, ਪ੍ਰਭਦੀਪ ਕੌਰ, ਅਰਚਨਾ ਸ਼ਰਮਾ, ਮਨਪ੍ਰੀਤ ਕੌਰ ਆਦਿ ਮੌਜੂਦ ਰਹੇ।