ਕੋਟਕਪੂਰਾ : ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਨਹਿਰੂ ਸ਼ੌਪਿੰਗ ਸੈਂਟਰ ਨਾਲ ਸਬੰਧਤ ਲੰਮੇ ਸਮੇਂ ਤੋਂ ਚੱਲ ਰਹੇ ਮਸਲੇ ਦੇ ਹੱਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਧਾਇਕ ਸੇਖੋਂ ਨੇ ਕਿਹਾ ਕਿ ਨਹਿਰੂ ਸ਼ੌਪਿੰਗ ਸੈਂਟਰ ਲਗਭਗ 40-45 ਸਾਲ ਪੁਰਾਣਾ ਹੈ ਅਤੇ ਸਮੇਂ ਦੇ ਨਾਲ ਸੜਕਾਂ ਉੱਚੀਆਂ ਹੋਣ ਕਾਰਨ ਦੁਕਾਨਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਬਣਦੀ ਰਹੀ ਹੈ। ਉਨ੍ਹਾਂ ਕਿਹਾ ਕਿ ਛੱਤਾਂ ਵੀ ਕਾਫੀ ਪੁਰਾਣੀਆਂ ਅਤੇ ਖਸਤਾ ਹਾਲਤ ਵਿੱਚ ਹਨ, ਜਿਸ ਕਰਕੇ ਦੁਕਾਨਦਾਰਾਂ ਲਈ ਖਤਰਾ ਬਣਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਹੁਣ ਇਸਦਾ ਪੱਕਾ ਹੱਲ ਕਰਦੇ ਹੋਏ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਸਾਰੇ ਇੱਕੋ ਜਿਹੀ ਡਿਜ਼ਾਇਨ ਅਪਣਾਉਣ ਤਾਂ ਜੋ ਮਾਰਕੀਟ ਦੀ ਸੁੰਦਰਤਾ ਅਤੇ ਵਿਵਸਥਾ ਬਣੀ ਰਹੇ। ਉਨ੍ਹਾਂ ਕਿਹਾ ਕਿ ਨਾਲ ਹੀ ਮਾਰਕੀਟ ਵਿੱਚ ਬਾਥਰੂਮ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਵੀ ਸੁਧਾਰੀ ਜਾਣਗੀਆਂ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਕਰੀਬ 50 ਸਾਲਾਂ ਤੋਂ ਇਸ ਮਾਰਕੀਟ ਦੀਆਂ ਛੱਤਾਂ ਦੀ ਮੁਰੰਮਤ ਦੀ ਮੰਗ ਚੱਲ ਰਹੀ ਸੀ ਪਰ ਕਈ ਸਰਕਾਰਾਂ ਅਤੇ ਚੇਅਰਮੈਨ ਹੋਣ ਦੇ ਬਾਵਜੂਦ ਇਹ ਮਸਲਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹੁਣ ਟਰੱਸਟ ਵੱਲੋਂ ਮਤਾ ਪਾਸ ਕਰਕੇ ਇਸਦੀ ਪੈਰਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਕਾਨਾਂ ਦੀਆਂ ਛੱਤਾਂ ਖਸਤਾਹਾਲ ਹੋ ਚੁੱਕੀਆਂ ਹਨ ਅਤੇ ਜੇ ਛੱਤਾਂ ਦੀ ਮੁਰੰਮਤ ਨਾ ਕੀਤੀ ਗਈ ਤਾਂ ਕਿਸੇ ਵੀ ਵੇਲੇ ਜਾਨੀ ਜਾਂ ਮਾਲੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਸ਼ੀਟ ਤਿਆਰ ਕਰਕੇ ਨਕਸ਼ੇ ਪਾਸ ਕਰਵਾਏ ਜਾਣਗੇ ਅਤੇ ਸਾਰੇ ਦੁਕਾਨਦਾਰਾਂ ਨੂੰ ਉਸਦੀ ਪਾਲਣਾ ਕਰਨੀ ਹੋਵੇਗੀ। ਇਸ ਸਬੰਧੀ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਹਿਯੋਗ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਕੰਮ ਇੱਕੋ ਵਾਰ ਅਤੇ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਲਟਕਦਾ ਆ ਰਿਹਾ ਇਹ ਮਸਲਾ ਹੁਣ ਜਲਦੀ ਹੱਲ ਕਰ ਦਿੱਤਾ ਜਾਵੇਗਾ ਅਤੇ ਇਸ ਨਾਲ ਫ਼ਰੀਦਕੋਟ ਦੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ।