ਘੜੂੰਆਂ : ਪੰਜਾਬ ਸਰਕਾਰ ਦੀ ਮੁਹਿੰਮ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਦੇ ਤਹਿਤ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਪੀ.ਐਚ.ਸੀ ਘੜੂੰਆਂ ਵੱਲੋਂ ਡ੍ਰਾਈ ਡੇਅ ਗਤੀਵਿਧੀ ਅਧੀਨ ਪਿੰਡ ਘੜੂੰਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ ਨੂੰ ਖਤਮ ਕਰਨ ਬਾਰੇ ਸੁਚੇਤ ਕਰਨਾ ਸੀ। ਇਸ ਰੈਲੀ ਵਿੱਚ ਨਰਸਿੰਗ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਦੇ ਉਪਾਅ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਘਰਾਂ ਦੇ ਆਲੇ-ਦੁਆਲੇ ਖੜ੍ਹਾ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ ਅਤੇ ਪਾਣੀ ਵਾਲੇ ਬਰਤਨਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਖਾਲੀ ਕਰਕੇ ਸੁੱਕਾ ਰੱਖਿਆ ਜਾਵੇ। ਇਸ ਦੇ ਨਾਲ ਹੀ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਘਰ-ਘਰ ਜਾ ਕੇ ਕੰਟੇਨਰ ਸਰਵੇ ਵੀ ਕੀਤਾ ਗਿਆ, ਜਿਸ ਦੌਰਾਨ ਮੱਛਰਾਂ ਦੀ ਪੈਦਾਵਾਰ ਵਾਲੇ ਸੰਭਾਵਿਤ ਸਥਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਖਤਮ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।
ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਡੇਂਗੂ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਭ ਤੋਂ ਜ਼ਰੂਰੀ ਹੈ ਕਿ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਈਏ। ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਨੂੰ ਕਾਬੂ ਕਰ ਸਕਦੇ ਹਾਂ।
ਇਸ ਗਤੀਵਿਧੀ ਦੌਰਾਨ ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਹੈਲਥ ਸੁਪਰਵਾਈਜ਼ਰ ਦਰਸ਼ਨ ਸਿੰਘ, ਹੈਲਥ ਵਰਕਰ ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਨਰਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ।