ਅਜਨਾਲਾ : ਅਜਨਾਲਾ ਦੇ ਨਜ਼ਦੀਕੀ ਪਿੰਡ ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਸੜਕ ‘ਤੇ ਜਾ ਰਹੀ ਇੱਕ ਕਮਬਾਈਨ ਅਚਾਨਕ ਬੇਕਾਬੂ ਹੋ ਕੇ ਖੇਤਾਂ ਵਿੱਚ ਜਾ ਡਿੱਗੀ ਅਤੇ ਉਸ ਨੂੰ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਕਮਬਾਈਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਉਹ ਸੜ ਕੇ ਪੂਰੀ ਤਰ੍ਹਾਂ ਖਾਕ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਮਬਾਈਨ ਚਾਲਕ ਸੜਕ ‘ਤੇ ਕਿਸੇ ਹੋਰ ਵਾਹਨ ਨੂੰ ਰਸਤਾ ਦੇ ਰਿਹਾ ਸੀ। ਇਸ ਦੌਰਾਨ ਸੰਤੁਲਨ ਬਿਗੜ ਗਿਆ ਅਤੇ ਕਮਬਾਈਨ ਖੇਤਾਂ ਵਿੱਚ ਡਿੱਗ ਪਈ, ਜਿਸ ਨਾਲ ਤੁਰੰਤ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਮਬਾਈਨ ਵਿੱਚ ਪਿਆ ਮੋਟਰਸਾਈਕਲ ਅਤੇ ਕਰੀਬ 50 ਹਜ਼ਾਰ ਰੁਪਏ ਨਕਦ ਵੀ ਸੜ ਕੇ ਨਸ਼ਟ ਹੋ ਗਏ। ਇਸ ਹਾਦਸੇ ਵਿੱਚ ਕਮਬਾਈਨ ਚਾਲਕ ਸਮੇਤ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਜ਼ਖਮੀਆਂ ਦੀ ਹਾਲਤ ਇਸ ਵੇਲੇ ਸਥਿਰ ਹੈ। ਹਾਦਸੇ ਤੋਂ ਬਾਅਦ ਪਿੰਡ ਦੇ ਸਥਾਨਕ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਪਿੰਡ ਵਾਸੀਆਂ ਨੇ ਟਰੈਕਟਰ-ਟਰਾਲੀਆਂ ਅਤੇ ਹੋਰ ਸਾਧਨਾਂ ਦੀ ਮਦਦ ਨਾਲ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਖੇਤਾਂ ਨੂੰ ਜੋਤ ਕੇ ਅੱਗ ਨੂੰ ਅੱਗੇ ਫੈਲਣ ਤੋਂ ਰੋਕਿਆ ਗਿਆ, ਜਿਸ ਨਾਲ ਨੇੜਲੇ ਖੇਤਾਂ ਵਿੱਚ ਖੜੀ ਫਸਲ ਨੂੰ ਬਚਾ ਲਿਆ ਗਿਆ ਅਤੇ ਵੱਡਾ ਨੁਕਸਾਨ ਹੋਣ ਤੋਂ ਟਲ ਗਿਆ। ਕਮਬਾਈਨ ਦੇ ਮਾਲਕ ਨੇ ਦੱਸਿਆ ਕਿ ਉਹ ਪਟਿਆਲਾ ਤੋਂ ਆਏ ਸਨ ਅਤੇ ਸਰਹੱਦੀ ਪਿੰਡ ਘੋਗਾ ਵੱਲ ਜਾ ਰਹੇ ਸਨ। ਰਸਤੇ ਵਿੱਚ ਇੱਕ ਵਾਹਨ ਨੂੰ ਸਾਈਡ ਦਿੰਦੇ ਸਮੇਂ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਦਮਕਲ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ, ਉਹ ਤੁਰੰਤ ਦੋ ਗੱਡੀਆਂ ਨਾਲ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਕਮਬਾਈਨ, ਮੋਟਰਸਾਈਕਲ ਅਤੇ ਕਰੀਬ 50 ਹਜ਼ਾਰ ਰੁਪਏ ਨਕਦ ਸੜ ਕੇ ਖਾਕ ਹੋ ਗਏ ਹਨ, ਹਾਲਾਂਕਿ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।