ਕੋਟਕਪੂਰਾ : ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਅਤੇ ਸਾਰੀਆਂ ਬ੍ਰਾਂਚਾਂ ਦੇ ਆਗੂਆਂ ਦੀ ਇੱਕ ਮੀਟਿੰਗ ਮਿਤੀ 23 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ ਠੀਕ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ , ਨੇੜੇ ਬੱਸ ਸਟੈਂਡ ਜਲੰਧਰ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ,ਜਨਰਲ ਸਕੱਤਰ ਪ੍ਰੇਮ ਚਾਵਲਾ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਭੁੰਗਰਨੀ, ਮੁੱਖ ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ ਅਤੇ ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਹੈ ਕਿ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਐਕਸ਼ਨਾਂ ਦਾ ਲੇਖਾ ਜੋਖਾ ਕੀਤਾ ਜਾਵੇਗਾ। ਇਸ ਤੋਂ ਇਲਾਵਾ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਦੇ ਮੌਕੇ ਤੇ ਵੱਖ ਵੱਖ ਥਾਵਾਂ ਤੇ ਝੰਡੇ ਲਹਿਰਾਉਣ ਉਪਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਕੀਤੀਆਂ ਜਾ ਰਹੀਆਂ ਸਾਂਝੀਆਂ ਰੈਲੀਆਂ ਨੂੰ ਸਫਲ ਬਣਾਉਣ ਲਈ ਅਤੇ 17 ਮਈ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਨੂੰ ਕਾਮਯਾਬ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਕਾਇਆ ਪਈਆਂ ਪੰਜ ਕਿਸਤਾਂ ਤੁਰੰਤ ਦਿੱਤੀਆਂ ਜਾਣ, ਤਨਖਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਤੁਰੰਤ ਸਥਾਪਨਾ ਕੀਤੀ ਜਾਵੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖਾਹ ਸਕੇਲਾਂ ਸਬੰਧੀ ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਤੁਰੰਤ ਜਨਰਲਾਈਜ਼ ਕੀਤਾ ਜਾਵੇ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਕਰਕੇ ਵੱਖ ਵੱਖ ਕੋਰਟ ਕੇਸਾਂ ਵਿੱਚ ਪਾਸ ਕੀਤੇ ਜਾ ਰਹੇ ਮੂੰਹ ਬੋਲਦੇ ਹੁਕਮ ਤੁਰੰਤ ਵਾਪਸ ਲਏ ਜਾਣ, ਪੰਜਾਬ ਰੋਡਵੇਜ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ,ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਵੱਖ ਵੱਖ ਅਦਾਲਤੀ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਤੁਰੰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕੀਤੇ ਜਾਣ। ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਮਿਤੀ 1 ਜਨਵਰੀ 2016 ਤੋਂ 30 ਜੂਨ 2021 ਤੱਕ ਸੇਵਾ ਮੁਕਤ ਹੋਣ ਵਾਲੇ ਪੈਨਸ਼ਨਰਾਂ ਨੂੰ ਮਹੀਨਾ ਅਪ੍ਰੈਲ 2026 ਵਿੱਚ ਬਕਾਏ ਦੀ ਪਹਿਲੀ ਕਿਸ਼ਤ ਦੇਣ ਬਾਰੇ ਆਈ ਐਚ ਆਰ ਐਮ ਐਸ ਪੋਰਟਲ ਤੇ ਕੋਈ ਵਿਵਸਥਾ ਮੁਹਈਆ ਨਾ ਕੀਤੀ ਗਈ ਤਾਂ ਜਥੇਬੰਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਸੰਘਰਸ਼ ਦੀ ਰੂਪ ਰੇਖਾ ਉਲੀਕਣ ਤੇ ਮਜਬੂਰ ਹੋਵੇਗੀ।