ਅੰਮ੍ਰਿਤਸਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਅੰਮ੍ਰਿਤਸਰ ਦੇ ਦੌਰੇ ਦੌਰਾਨ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਦੌਰੇ ਦੌਰਾਨ ਕੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਰਾਜਪਾਲ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬਤ ਦੇ ਭਲੇ, ਦੇਸ਼ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਅਕਾਲ ਪੁਰਖ ਦਾ ਸ਼ੁਕਰ ਅਦਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਹੀ ਸੁਭਾਗਾ ਹੈ, ਕਿਉਂਕਿ ਅੱਜ ਸਿੱਖਾਂ ਦੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਗੁਰੂ ਘਰ ਵਿੱਚ ਹਾਜ਼ਰੀ ਭਰਨਾ ਉਹ ਆਪਣੀ ਵੱਡੀ ਕਿਸਮਤ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਵੀ ਉਹ ਸ੍ਰੀ ਹਰਿਮੰਦਰ ਸਾਹਿਬ ਆਉਂਦੇ ਹਨ ਤਾਂ ਹਮੇਸ਼ਾਂ ਦੇਸ਼ ਅਤੇ ਪੰਜਾਬ ਵਿੱਚ ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪਿਛਲੇ ਸਮੇਂ ਤੋਂ ਪੰਜਾਬ ਦੀ ਭਲਾਈ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੱਚੇ ਦਿਲ ਨਾਲ ਸੇਵਾ ਕਰਦੇ ਰਹਿਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੌਰੇ ਲਈ ਕੋਈ ਪਹਿਲਾਂ ਤੋਂ ਯੋਜਨਾ ਨਹੀਂ ਸੀ, ਪਰ ਅਚਾਨਕ ਅੰਮ੍ਰਿਤਸਰ ਆਉਣ ਦਾ ਮੌਕਾ ਮਿਲਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਹੋਇਆ। ਉਨ੍ਹਾਂ ਗੁਰੂ ਚਰਨਾਂ ਵਿੱਚ ਨਮਨ ਕਰਦਿਆਂ ਸਮੂਹ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।