ਡੇਰਾਬੱਸੀ : ਪੰਜਾਬ ਸਰਕਾਰ ਦੀ ਪ੍ਰਤੀਬੱਧਤਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿੱਖਿਆ ਕ੍ਰਾਂਤੀ 2.0 ਤਹਿਤ ਹਲਕੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 45.93 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਨਵੀਆਂ ਲੈਬਾਂ ਅਤੇ ਇੱਕ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਵੱਲੋਂ ਪਿੰਡ ਕਾਰਕੋਰ ਦੇ ਸਰਕਾਰੀ ਹਾਈ ਸਕੂਲ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਨਵੀਂ ਸਾਇੰਸ ਲੈਬ ਅਤੇ 9 ਲੱਖ ਰੁਪਏ ਨਾਲ ਬਣੇ ਆਧੁਨਿਕ ਕਲਾਸਰੂਮ ਦਾ ਉਦਘਾਟਨ ਕਰਕੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਵਿਗਿਆਨਕ ਸਿੱਖਿਆ ਵਿੱਚ ਹੋਰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ। ਇਸ ਸਮੇਂ ਸਰਪੰਚ ਜਗਦੀਪ ਸਿੰਘ, ਬਲਾਕ ਪ੍ਰਧਾਨ ਬਲਕਾਰ ਸਿੰਘ, ਪੰਚਾਇਤ ਮੈਂਬਰ ਅਤੇ ਮਾਪੇ ਹਾਜ਼ਰ ਸਨ। ਇਸੇ ਤਰ੍ਹਾਂ ਪਿੰਡ ਅਮਲਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 7.48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਰਾਸ਼ਟਰੀ ਹੁਨਰ ਯੋਗਤਾ ਢਾਂਚਾ (ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ) ਤਹਿਤ ਬਿਊਟੀ ਐਂਡ ਵੈਲਨੈੱਸ ਵਿਸ਼ੇ ਦੀ ਲੈਬ ਦੀ ਸ਼ੁਰੂਆਤ ਕੀਤੀ ਗਈ। ਇਹ ਲੈਬ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਹੁਨਰ ਸਿੱਖਣ ਦੇ ਨਵੇਂ ਮੌਕੇ ਪ੍ਰਦਾਨ ਕਰੇਗੀ। ਇਸ ਮੌਕੇ ਸਰਪੰਚ ਨਰਿੰਦਰ ਸਿੰਘ, ਪੰਚਾਇਤ ਮੈਂਬਰ ਅਤੇ ਮਾਪੇ ਮੌਜੂਦ ਸਨ। ਵਿਧਾਇਕ ਵੱਲੋਂ ਪਿੰਡ ਰਾਣੀਮਾਜਰਾ ਦੇ ਸਕੂਲ ਵਿੱਚ ਵੀ 7.48 ਲੱਖ ਰੁਪਏ ਦੀ ਲਾਗਤ ਨਾਲ ਲੈਬ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਮੀਤ ਸਿੰਘ, ਪੰਚਾਇਤ ਮੈਂਬਰ ਅਤੇ ਮਾਪੇ ਹਾਜ਼ਰ ਰਹੇ। ਇਸ ਤੋਂ ਇਲਾਵਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਡੇਸਰਾ ਵਿੱਚ 10.97 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ, ਜੋ ਵਿਦਿਆਰਥੀਆਂ ਦੇ ਵਿਗਿਆਨਕ ਅਤੇ ਪ੍ਰਯੋਗਾਤਮਕ ਗਿਆਨ ਨੂੰ ਹੋਰ ਮਜ਼ਬੂਤ ਬਣਾਏਗੀ। ਇਸ ਮੌਕੇ ਸਰਪੰਚ ਸਮਿਆ ਸਿੰਘ, ਪੰਚਾਇਤ ਮੈਂਬਰ, ਪਿੰਡ ਵਾਸੀ ਅਤੇ ਮਾਪੇ ਹਾਜ਼ਰ ਸਨ। ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਲੈਬਜ਼ ਅਤੇ ਸੁਵਿਧਾਵਾਂ ਰਾਹੀਂ ਵਿਦਿਆਰਥੀਆਂ ਨੂੰ ਨਾ ਸਿਰਫ਼ ਸਿਧਾਂਤਕ, ਸਗੋਂ ਪ੍ਰਯੋਗਾਤਮਕ ਸਿੱਖਿਆ ਵੀ ਪ੍ਰਾਪਤ ਹੋਵੇਗੀ, ਜੋ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਦੁਹਰਾਇਆ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਅਤੇ ਨੌਜਵਾਨ ਪੀੜ੍ਹੀ ਨੂੰ ਹੁਨਰਮੰਦ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।