ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 89ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 564 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 89ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 245 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,389 ਹੋ ਗਈ ਹੈ। ਇਸ ਤੋਂ ਇਲਾਵਾ 82 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 103 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 414ਵੇਂ ਦਿਨ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 626 ਗ੍ਰਾਮ ਹੈਰੋਇਨ, 287 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 414 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,631 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।