ਅੰਮ੍ਰਿਤਸਰ : ਪਿਛਲੀ ਕਾਂਗਰਸ ਸਰਕਾਰ ਦੌਰਾਨ ਜੰਡਿਆਲਾ ਗੁਰੂ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਸੰਜੀਦਗੀ ਦਾ ਇਥੋਂ ਪਤਾ ਚਲਦਾ ਹੈ ਕਿ ਇਸਨੇ ਆਪਣੀ ਸਰਕਾਰ ਦੇ ਰਹਿੰਦਿਆਂ ਵਿਧਾਨ ਸਭਾ ਵਿੱਚ ਹਲਕੇ ਦਾ ਇੱਕ ਵੀ ਮੁੱਦਾ ਨਹੀਂ ਚੁੱਕਿਆ। ਪਿਛਲੀਆਂ ਸਰਕਾਰਾਂ ਦੌਰਾਨ ਹਲਕੇ ਨੂੰ ਸਹੀ ਨੁਮਾਇੰਦਗੀ ਨਾ ਮਿਲਣ ਕਰਕੇ ਜੰਡਿਆਲਾ ਹਲਕਾ ਵਿਕਾਸ ਪੱਖੋਂ ਪਿੱਛੇ ਰਹਿ ਗਿਆ ਸੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਵਲੋਂ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਉੱਥੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਲਈ ਵੀ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਹਲਕੇ ਵਿੱਚ ਦਿਨ ਰਾਤ ਵਿਕਾਸ ਕਾਰਜ ਜਾਰੀ ਹਨ ਅਤੇ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦਾ ਮੋਹਰੀ ਹਲਕਾ ਬਣੇਗਾ। ਉਨਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਮੁੱਖ ਉਦੇਸ਼ ਪਿੰਡਾਂ ਦੀ ਕਨੈਕਟਿਵਿਟੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨਾਂ ਦੱਸਿਆ ਕਿ ਜੰਡਿਆਲਾ ਹਲਕੇ ਵਿੱਚ ਲਗਭਗ 1 ਕਰੋੜ 91 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਉਸਾਰੀ ਅਤੇ ਸਪੈਸ਼ਲ ਰਿਪੇਅਰ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਟਾਂਗਰਾ ਵਿੱਚ 93 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ 2.75 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਅਤੇ ਮਿਸਿੰਗ ਲਿੰਕ ਸੜਕਾਂ ਬਣਾਈਆਂ ਜਾਣਗੀਆਂ, ਜਿਨ੍ਹਾਂ ਦੀ ਚੌੜਾਈ 10 ਫੁੱਟ ਹੋਵੇਗੀ। ਇਸ ਤੋਂ ਇਲਾਵਾ ਪਿੰਡ ਅੱਡਾ ਟਾਂਗਰਾ ਵਿੱਚ 14 ਲੱਖ 63 ਹਜ਼ਾਰ ਰੁਪਏ ਨਾਲ 0.330 ਕਿਲੋਮੀਟਰ ਲੰਬੀਆਂ ਤੇ 10 ਫੁੱਟ ਚੌੜੀਆਂ ਇੰਟਰਲਾਕਿੰਗ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।ਉਨ੍ਹਾਂ ਹੋਰ ਦੱਸਿਆ ਕਿ ਪਿੰਡ ਜੰਡ ਤੋਂ ਮਲਕਪੁਰ ਤੱਕ 1.71 ਕਿਲੋਮੀਟਰ ਲੰਬੀ ਸੜਕ 54 ਲੱਖ 77 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸਦੇ ਨਾਲ ਹੀ ਪਿੰਡ ਠੱਠੀਆਂ ਤੋਂ ਸੁੱਖੇਵਾਲ ਤੱਕ 1.45 ਕਿਲੋਮੀਟਰ ਲੰਬੀ ਸੜਕ ਦੀ ਸਪੈਸ਼ਲ ਰਿਪੇਅਰ ਲਈ 27 ਲੱਖ 88 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਦੋਹਾਂ ਸੜਕਾਂ ਦੀ ਚੌੜਾਈ 10 ਫੁੱਟ ਹੋਵੇਗੀ। ਸ: ਈ.ਟੀ.ਓ. ਨੇ ਦੱਸਿਆ ਕਿ ਸਬੰਧਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਹਨਾਂ ਨੂੰ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਢਿਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਆਮ ਜਨਤਾ ਦਾ ਪੈਸਾ ਹੈ ਅਤੇ ਆਮ ਜਨਤਾ ਦੇ ਹਿੱਤਾਂ ਵਿੱਚ ਹੀ ਲਗਣਾ ਚਾਹੀਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕੋਈ ਉਣਤਾਈ ਨਜ਼ਰ ਆਵੇ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸੇ ਸਮੇਂ ਹੀ ਉਸ ਨੂੰ ਦੂਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।