ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਇਕੱਤਰਤਾ ਕਰਵਾਈ ਗਈ। ਇਸ ਮੌਕੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਬਿੰਨੂ ਢਿੱਲੋਂ ਅਤੇ ਨਵਦੀਪ ਕਲੇਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅਲੂਮਨੀ ਐਸੋਸੀਏਸ਼ਨ ਕਿਸੇ ਵੀ ਸੰਸਥਾ ਦਾ ਸਰਮਾਇਆ ਅਤੇ ਰੀੜ੍ਹ ਦੀ ਹੱਡੀ ਹੁੰਦੀ ਹੈ। ਪੁਰਾਣੇ ਵਿਦਿਆਰਥੀ ਨਾ ਸਿਰਫ਼ ਸੰਸਥਾ ਦਾ ਮਾਣ ਵਧਾਉਂਦੇ ਹਨ, ਸਗੋਂ ਮੌਜੂਦਾ ਵਿਦਿਆਰਥੀਆਂ ਲਈ ਮਾਰਗਦਰਸ਼ਕ ਵਜੋਂ ਵੀ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਉਨ੍ਹਾਂ ਹੀਰਿਆਂ 'ਤੇ ਮਾਣ ਹੈ ਜੋ ਅੱਜ ਦੁਨੀਆ ਭਰ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੇ ਇਨ੍ਹਾਂ ਹੀਰਿਆਂ ਨੂੰ ਆਪਣੇ ਨਾਲ਼ ਜੋੜਨ ਵਿੱਚ ਮਾਣ ਮਹਿਸੂਸ ਕਰਦੀ ਹੈ। ਅਦਾਕਾਰ ਬਿੰਨੂ ਢਿੱਲੋਂ ਨੇ ਆਪਣੇ ਵਿਦਿਆਰਥੀ ਜੀਵਨ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਸੇ ਯੂਨੀਵਰਸਿਟੀ ਦੇ ਰੰਗਮੰਚ ਨੇ ਉਨ੍ਹਾਂ ਨੂੰ ਅਦਾਕਾਰੀ ਦੀਆਂ ਬਾਰੀਕੀਆਂ ਸਿਖਾਈਆਂ। ਉਨ੍ਹਾਂ ਪੰਜਾਬੀ ਯੂਨੀਵਰਸਿਟੀ ਨੂੰ ਆਪਣੀ ਮਾਂ ਸੰਸਥਾ ਆਖਦਿਆਂ ਇਸ ਨਾਲ਼ ਜੁੜਿਆ ਆਪਣੀਆਂ ਭਾਵਨਾਤਮਕ ਯਾਦਾਂ ਸਾਂਝੀਆਂ ਕੀਤੀਆਂ। ਉਸ ਨੇ ਕਿਹਾ ਕਿ ਉਸ ਨੂੰ ਇਸ ਗੱਲ ਦਾ ਸਦਾ ਹੀ ਮਾਣ ਰਿਹਾ ਹੈ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਤੋਂ ਪੜ੍ਹ ਕੇ ਅੱਜ ਦੁਨੀਆਂ ਭਰ ਵਿੱਚ ਆਪਣਾ ਨਾਮ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਸੀਂ ਆਪਣਾ ਨਾਮ ਬਣਾ ਚੁੱਕੇ ਹਾਂ ਤਾਂ ਇਹ ਸਮਾਂ ਆਪਣੀ ਮਾਂ ਸੰਸਥਾਲਈ ਵਾਪਸ ਕੁੱਝ ਕਰਨ ਦਾ ਹੈ। ਇਸ ਲਈ ਜਿੱਥੇ ਅਤੇ ਜਿਵੇਂ ਵੀ ਸੰਭਵ ਹੋਵੇ ਅਸੀਂ ਯੂਨੀਵਰਸਿਟੀ ਦੀ ਮਦਦ ਕਰਨ ਲਈ ਹਰ ਫਰੰਟ ਉੱਤੇ ਕੰਮ ਕਰਨ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਯੂਨੀਵਰਸਿਟੀ ਨਾਲ ਲਗਾਤਾਰ ਜੁੜੇ ਰਹਿਣ ਦਾ ਵੀ ਸਬੱਬ ਬਣਿਆ ਰਹੇਗਾ।
ਅਦਾਕਾਰ ਨਵਦੀਪ ਕਲੇਰ ਵੱਲੋਂ ਵੀ ਇਸ ਮੌਕੇ ਆਪਣੇ ਦਿਲੀ ਭਾਵ ਸਾਂਝੇ ਕਰਦਿਆਂ ਪੰਜਾਬੀ ਯੂਨੀਵਰਸਿਟੀ ਪ੍ਰਤੀ ਆਪਣੇ ਲਗਾਓ ਬਾਰੇ ਵਿਸਥਾਰ ਵਿੱਚ ਗੱਲ ਕੀਤੀ। ਉਨ੍ਹਾਂ ਵੀ ਇਹ ਵਾਅਦਾ ਕੀਤਾ ਕਿ ਉਹ ਯੂਨੀਵਰਸਿਟੀ ਨਾਲ਼ ਆਪਣੀ ਸਮਰੱਥਾ ਅਨੁਸਾਰ ਕਿਸੇ ਵੀ ਪੱਖੋਂ ਖੜ੍ਹਨ ਲਈ ਤਿਆਰ ਹਨ। ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਆਪਣੇ ਸੁਪਨੇ ਪੂਰੇ ਕਰਨ ਲਈ ਪ੍ਰੇਰਿਤ ਕੀਤਾ।
ਇਸ ਇਕੱਤਰਤਾ ਦਾ ਮੁੱਖ ਮਕਸਦ ਸਾਬਕਾ ਵਿਦਿਆਰਥੀਆਂ ਨੂੰ ਮੁੜ ਆਪਣੀਆਂ ਜੜ੍ਹਾਂ ਨਾਲ ਜੋੜਨਾ ਅਤੇ ਯੂਨੀਵਰਸਿਟੀ ਦੇ ਵਿਕਾਸ ਵਿੱਚ ਉਨ੍ਹਾਂ ਦਾ ਸਹਿਯੋਗ ਲੈਣਾ ਸੀ। ਸਮਾਗਮ ਦੇ ਅੰਤ ਵਿੱਚ ਯੂਨੀਵਰਸਿਟੀ ਵੱਲੋਂ ਦੋਵਾਂ ਕਲਾਕਾਰਾਂ ਨੂੰ ਉਨ੍ਹਾਂ ਦੀਆਂ ਕਲਾਤਮਕ ਪ੍ਰਾਪਤੀਆਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।