ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ `ਤੇ ਮਜ਼ਬੂਤ ਬਣਾਉਣ ਲਈ ਸੀ.ਐੱਮ. ਦੀ ਯੋਗਸ਼ਾਲਾ ਵਰਦਾਨ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ `ਤੇ ਸ਼ੁਰੂ ਕੀਤੀ ਗਈ ਸੀਐਮ ਦੀ ਯੋਗਸ਼ਾਲਾ ਅਧੀਨ, ਨਸ਼ਾ ਛੁਡਾਊ ਕੇਂਦਰਾਂ ਵਿੱਚ ਨਿਯਮਿਤ ਤੌਰ `ਤੇ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਜਿਥੇ ਜਿਲ੍ਹਾਂ ਵਾਸੀ ਵੱਡੀ ਗਿਣਤੀ ਵਿਚ ਯੋਗ ਕਰਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਹਸਪਤਾਲ ਵਿੱਚ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਤੇ ਇਲਾਜ ਕੇਂਦਰ ਵਿਖੇ ਸਵੇਰੇ ਅਤੇ ਸ਼ਾਮ ਨੂੰ ਸੀ.ਐੱਮ ਦੀ ਯੋਗਸ਼ਾਲਾ ਤਹਿਤ ਯੋਗਾ ਸੈਸ਼ਨ ਆਯੋਜਿਤ ਕੀਤੇ ਜਾ ਰਹੇ ਹਨ, ਜਿਸ ਵਿੱਚ ਯੋਗਾ ਇੰਸਟ੍ਰਕਟਰ ਦੁਆਰਾ ਹਰ ਰੋਜ਼ ਲਗਭਗ 40 ਲੋਕਾਂ ਨੂੰ ਯੋਗਾ ਸਿਖਾਇਆ ਜਾ ਰਿਹਾ ਹੈ। ਇਹਨਾਂ ਸੈਸ਼ਨਾਂ ਵਿੱਚ ਧਿਆਨ, ਸੂਖਮ ਵੇਆਮ, ਹਾਸੇ ਦੀ ਥੈਰੇਪੀ, ਤਾੜੀ ਵਜਾਉਣਾ, ਯੋਗ ਆਸਣ ਅਤੇ ਪ੍ਰਾਣਾਯਾਮ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ ਜੋ ਮਰੀਜ਼ਾਂ ਨੂੰ ਤਣਾਅ ਘਟਾਉਣ ਅਤੇ ਸਿਹਤਮੰਦ ਬਣਨ ਵਿੱਚ ਮਦਦ ਕਰਦੀਆਂ ਹਨ। ਇਹ ਯੋਗ ਆਸਣ ਨਸ਼ਾ ਛੱਡ ਰਹੇ ਮਰੀਜ਼ਾਂ ਨੂੰ ਮਾਨਸਿਕ ਤੇ ਸਰੀਰਕ ਤੌਰ `ਤੇ ਤਕੜਿਆਂ ਕਰ ਰਹੇ ਹਨ ਅਤੇ ਇਹ ਨੌਜਵਾਨ ਨਸ਼ੇ ਛੱਡ ਕੇ ਆਮ ਜ਼ਿੰਦਗੀ ਵਿੱਚ ਪਰਤ ਰਹੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 600 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 63 ਯੋਗ ਟ੍ਰੇਨਰ ਤੇ 163 ਟਰੇਨਰ ਵਿਦਿਆਰਥੀ ਨਿਯੁਕਤ ਕੀਤੇ ਗਏ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚੋਂ 350 ਕਲਾਸਾਂ ਸ਼ਹਿਰੀ ਖੇਤਰ ਅਤੇ ਕਰੀਬ 250 ਕਲਾਸਾਂ ਦਿਹਾਤੀ ਖੇਤਰ ਵਿੱਚ ਚੱਲ ਰਹੀਆਂ ਹਨ, ਜਿਥੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਯੋਗ ਕਲਾਸਾਂ ਸਵੇਰੇ ਅਤੇ ਸ਼ਾਮ ਚੱਲ ਰਹੀਆਂ ਹਨ। ਸੀ.ਐਮ ਯੋਗਸ਼ਾਲਾ ਦੇ ਅੰਮ੍ਰਿਤਸਰ ਦੇ ਜ਼ਿਲ੍ਹਾ ਕੋਆਰਡੀਨੇਟਰ ਸੰਜੇ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਨਵਾਂ ਜੀਵਨ ਦੇਣਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਸਵੈ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣਾ ਹੈ। ਨਸ਼ਾ ਛੱਡਣ ਦੇ ਚਾਹਵਾਨ ਲੋਕ ਇਸ ਪਹਿਲਕਦਮੀ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਆਮ ਜ਼ਿੰਦਗੀ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਕਦਮ ਨਸ਼ਾ ਛੁਡਾਉਣ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ। ਇਸ ਨਾਲ ਨਾ ਸਿਰਫ਼ ਨਸ਼ੇ ਤੋ ਪੀੜਤਾਂ ਨੂੰ ਸਗੋਂ ਸਮਾਜ ਨੂੰ ਵੀ ਲਾਭ ਹੋ ਰਿਹਾ ਹੈ। ਸ਼੍ਰੀ ਸੰਜੇ ਸਿੰਘ ਨੇ ਦੱਸਿਆ ਕਿ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣ ਲਈ ਵੈਬਸਾਈਟ cmdiyogshala.punjab.gov.in `ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਵੀ ਕਰ ਸਕਦੇ ਹਨ।