ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਖੇ ਸਥਾਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਵਿਸਾਖੀ ਨੂੰ ਸਮਰਪਿਤ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। 'ਗੁਰੂ ਗੋਬਿੰਦ ਸਿੰਘ ਜੀ: ਸਮਾਜਿਕ ਬਰਾਬਰੀ ਦਾ ਸੰਦੇਸ਼' ਵਿਸ਼ੇ 'ਤੇ ਕਰਵਾਏ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ।
ਉਨ੍ਹਾਂ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਜੇ ਖਾਲਸਾ ਪੰਥ ਅਤੇ ਆਪ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕ ਕੇ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਬਣਨ ਦੇ ਅਨੁਭਵ ਬਾਰੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਇਹ ਦੁਨੀਆ ਦੇ ਇਤਿਹਾਸ ਵਿਚ ਇਕ ਵੱਡੀ ਘਟਨਾ ਹੈ, ਜਿਸ ਨੇ ਸਾਰੇ ਵਿਤਕਰਿਆਂ ਨੂੰ ਖਤਮ ਕੀਤਾ। ਉਨ੍ਹਾਂ ਵਿਭਾਗ ਦੇ ਅਧਿਆਪਕਾਂ ਅਤੇ ਖੋਜਾਰਥੀਆਂ ਵਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਗੁਰੂ ਗੋਬਿੰਦ ਸਿੰਘ ਭਵਨ ਅਤੇ ਇਸ ਵਿਚ ਚਲ ਰਹੇ ਖੋਜ ਕਾਰਜਾਂ ਨੂੰ ਪੰਜਾਬੀ ਯੂਨੀਵਰਸਿਟੀ ਦੀ ਪਛਾਣ ਦੱਸਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਚੇਅਰ ਦੇ ਪ੍ਰੋਫੈਸਰ ਇੰਚਾਰਜ, ਡਾ. ਗੁਰਮੀਤ ਸਿੰਘ ਸਿੱਧੂ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ੀ ਸਮਾਜਕ ਬਰਾਬਰੀ ਆਮ ਬਰਾਬਰਤਾ ਨਹੀਂ ਸਗੋਂ ਇਸ ਵਿਚ ਆਰਥਿਕ, ਧਾਰਮਕ, ਰਾਜਨੀਤਕ ਅਤੇ ਅਧਿਆਤਮਕ ਪੱਖਾਂ ਦੇ ਅਧਾਰ ’ਤੇ ਇਕਸਾਰਤਾ ਬਖਸ਼ੀ ਗਈ ਹੈ। ਇਸ ਸੈਮੀਨਾਰ ਦੇ ਅਕਾਦਮਿਕ ਸੈਸ਼ਨ ਵਿਚ ਡਾ. ਗੁਰਮੇਲ ਸਿੰਘ, ਅਸਿਸਟੈਂਟ ਪ੍ਰੋਫੈਸਰ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ, ਡਾ. ਗੁਰਵੀਰ ਸਿੰਘ, ਅਸਿਸਟੈਂਟ ਪ੍ਰੋਫੈਸਰ, ਖਾਲਸਾ ਕਾਲਜ, ਪਟਿਆਲਾ ਅਤੇ ਡਾ. ਤੇਜਿੰਦਰ ਪਾਲ ਸਿੰਘ, ਅਸਿਸਟੈਂਟ ਪ੍ਰੋਫੈਸਰ, ਯੂਨੀਵਰਸਿਟੀ ਕਾਲਜ, ਮੀਰਾਂਪੁਰ ਵਲੋਂ ਖਾਲਸਾ ਸਿਰਜਨਾ, ਧਰਮ ਤੇ ਸਭਿਆਚਾਰ ਦੀ ਸੁਰਖਿਆ ਅਤੇ ਪ੍ਰੇਮ ਸੁਮਾਰਗ ਗ੍ਰੰਥ ਦੇ ਹਵਾਲੇ ਨਾਲ ਸਮਾਜਕ ਬਰਾਬਰਤਾ ਸੰਬੰਧੀ ਤਿੰਨ ਪਰਚੇ ਪੇਸ਼ ਕੀਤੇ ਗਏ।
ਇਸ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਸਿੱਖ ਵਿਸ਼ਵਕੋਸ਼ ਵਿਭਾਗ, ਨੇ ਧਰਮ ਗ੍ਰੰਥਾਂ ਦਾ ਅਧਿਐਨ ਧਰਮ ਅਧਿਐਨ ਦਾ ਇਕ ਜ਼ਰੂਰੀ ਹਿੱਸਾ ਦਸਿਆ। ਧਰਮ ਗ੍ਰੰਥਾਂ ਦੀ ਵਿਆਖਿਆਕਾਰੀ ਸਮੇਂ ਅਤੇ ਸਥਾਨ ਦੇ ਨਾਲ ਬਦਲਦੀ ਰਹਿੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਾਂ ਦੀ ਦਸਤਾਰ ਅਤੇ ਲੰਗਰ ਪ੍ਰਥਾ ਨੂੰ ਸਿੱਖੀ ਦੀ ਨਵੇਕਲੀ ਪਛਾਣ ਦੱਸਿਆ। ਡਾ. ਤੇਜਿੰਦਰ ਕੌਰ ਧਾਲੀਵਾਲ, ਮੁਖੀ ਧਰਮ ਅਧਿਐਨ ਵਿਭਾਗ ਵਲੋਂ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਗਿਆ। ਸੈਮੀਨਾਰ ਵਿੱਚ ਸਟੇਜ ਸੰਚਾਲਨ ਦਾ ਕਾਰਜ ਡਾ. ਪ੍ਰਦੀਪ ਕੌਰ ਵੱਲੋਂ ਕੀਤਾ ਗਿਆ।