ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਸਥਿਤ ਆਪਣੇ ਦਫ਼ਤਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਇਸ ਯੋਜਨਾ ਬਾਰੇ ਜਾਗਰੂਕਤਾ ਫੈਲਾਉਣ ਅਤੇ ਯੋਗ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਸਮੇਂ-ਸਿਰ ਕਰਵਾਉਣ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਮਾਵਾਂ ਅਤੇ ਧੀਆਂ ਦੀ ਭਲਾਈ ਲਈ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ ਅਤੇ ਇਸ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਮਿਲੇਗੀ। ਮੀਟਿੰਗ ਦੌਰਾਨ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਾਰੇ ਸਬੰਧਤ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।