ਸਾਹਿਬਜ਼ਾਦਾ ਅਜੀਤ ਸਿੰਘ : ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮਲੇਰੀਆ ਰੋਕਥਾਮ ਸਬੰਧੀ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦਿਤੇ ਗਏ।ਇਕੱਤਰਤਾ ਨੂੰ ਸੰਬੋਧਨ ਕਰਦਿਆਂ ਡਾ. ਜੈਨ ਨੇ ਆਖਿਆ ਕਿ ਹਰ ਸਾਲ 25 ਅਪ੍ਰੈਲ ਨੂੰ ਦੁਨੀਆਂ ਭਰ ਵਿਚ ਮਨਾਏ ਜਾਣ ਵਾਲੇ ਇਸ ਦਿਨ ਦੀ ਅਹਿਮੀਅਤ ਬਾਰੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਦਾ ਜਾਣਕਾਰ ਹੋਣਾ ਬਹੁਤ ਜ਼ਰੂਰੀ ਹੈ।ਉਨ੍ਹਾਂ ਮਲੇਰੀਆ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ।ਉਨ੍ਹਾਂ ਦਸਿਆ ਕਿ ਮਲੇਰੀਆ ਗੰਭੀਰ ਕਿਸਮ ਦਾ ਬੁਖ਼ਾਰ ਹੈ ਜੋ ਮਾਦਾ ਐਨਾਫ਼ਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ ਪਰ ਘਬਰਾਉਣ ਦੀ ਬਜਾਏ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਹ ਬੁਖ਼ਾਰ ਫੈਲਾਉਣ ਵਾਲਾ ਮੱਛਰ ਬਰਸਾਤ ਦੇ ਮੌਸਮ ਵਿਚ ਵਧਦਾ-ਫੁਲਦਾ ਹੈ। ਉਨ੍ਹਾਂ ਦਸਿਆ ਕਿ ਠੰਢ ਅਤੇ ਕਾਂਬੇ ਨਾਲ ਰੋਜ਼ਾਨਾ ਜਾਂ ਤੀਜੇ ਦਿਨ ਬੁਖ਼ਾਰ ਹੋਣਾ, ਉਲਟੀਆਂ ਤੇ ਸਿਰਦਰਦ ਹੋਣਾ, ਬੁਖ਼ਾਰ ਉਤਰਨ ਮਗਰੋਂ ਥਕਾਵਟ ਤੇ ਕਮਜ਼ੋਰੀ ਹੋਣਾ, ਬੁਖ਼ਾਰ ਉਤਰਨ ’ਤੇ ਸਰੀਰ ਦਾ ਪਸੀਨੋ-ਪਸੀਨੀ ਹੋਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ। ਖ਼ੂਨ ਦੀ ਜਾਂਚ ਕਰਵਾਉਣ ’ਤੇ ਮਲੇਰੀਆ ਹੋਣ ਜਾਂ ਨਾ ਹੋਣ ਬਾਰੇ ਪਤਾ ਲੱਗ ਜਾਂਦਾ ਹੈ। ਜੇ ਮਲੇਰੀਆ ਨਿਕਲਦਾ ਹੈ ਤਾਂ ਇਸ ਦਾ ਇਲਾਜ ਸੰਭਵ ਹੈ ਜੋ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਹੁੰਦਾ ਹੈ। ਉਨ੍ਹਾਂ ਦਸਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿਤਾ ਜਾਵੇ। ਇਕੱਠੇ ਹੋਏ ਪਾਣੀ ਵਿਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ’ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰਖਿਆ ਜਾਵੇ। ਅਜਿਹੇ ਕਪੜੇ ਪਾਏ ਜਾਣ ਕਿ ਸਰੀਰ ਪੂਰੀ ਤਰ੍ਹਾਂ ਢਕਿਆ ਰਹੇ ਤਾਕਿ ਮੱਛਰ ਨਾ ਕੱਟੇ। ਰਾਤ ਨੂੰ ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕੀਤੀ ਜਾਵੇ। ਵਿਦਿਆਰਥੀਆਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਤਰੀਕੇ ਨਾਲ ਜਵਾਬ ਵੀ ਦਿਤੇ ਗਏ।ਵਧੇਰੇ ਜਾਣਕਾਰੀ ਲਈ ਮੁਫ਼ਤ ਮੈਡੀਕਲ ਹੈਲਪਲਾਈਨ 104 ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ। ਅਨਾਮਿਕਾ, ਡਾ. ਕਿਰਨਦੀਪ ਕੌਰ, ਸਕੂਲ ਪ੍ਰਿੰਸੀਪਲ ਸ੍ਰੀਮਤੀ ਯਸ਼ੋਮਤੀ, ਨੋਡਲ ਅਫ਼ਸਰ ਡਾ. ਅਰੁਣ ਬਾਂਸਲ, ਡਾ. ਜਯੋਤੀ, ਸਿਹਤ ਸੁਪਰਵਾਇਜ਼ਰ ਗੁਰਤੇਜ ਸਿੰਘ, ਭੁਪਿੰਦਰ ਸਿੰਘ, ਅਧਿਆਪਕ, ਸਿਹਤ ਵਰਕਰ, ਆਸ਼ਾ ਵਰਕਰ, ਨਰਸਿੰਗ ਵਿਦਿਆਰਥੀ ਆਦਿ ਮੌਜੂਦ ਸਨ।