ਅਜਨਾਲਾ : ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਦੇ ਕਈ ਵੱਡੇ ਅਹੁਦੇਦਾਰ ਅਤੇ ਰਾਜ ਸਭਾ ਮੈਂਬਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੇ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਬਲਜਿੰਦਰ ਗੁਪਤਾ ਅਤੇ ਵਿਕਰਮ ਸਾਹਨੀ ਵਰਗੇ ਆਗੂਆਂ ਦਾ ਨਾਮ ਲੈਂਦਿਆਂ ਦਾਅਵਾ ਕੀਤਾ ਕਿ ਇਹ ਨੇਤਾ ਪਾਰਟੀ ਦੀਆਂ ਨੀਤੀਆਂ ਨਾਲ ਨਾਰਾਜ਼ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਤਿਆਰੀ ਵਿੱਚ ਹਨ। ਬੋਨੀ ਅਜਨਾਲਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ ਕਾਰਨ ਪੰਜਾਬ ਵਿੱਚ ਲੋਕ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਸਿਰਫ਼ ਜੁਮਲੇਬਾਜ਼ੀ ਨਾਲ ਸੱਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ “ਝੂਠੇ ਵਾਅਦਿਆਂ ਵਾਲੀ ਸਰਕਾਰ” ਕਰਾਰ ਦਿੰਦਿਆਂ ਕਿਹਾ ਕਿ ਮਜ਼ਦੂਰ, ਨੌਜਵਾਨ, ਐਸਸੀ ਵਰਗ ਅਤੇ ਮੁਲਾਜ਼ਮ ਸਮੇਤ ਹਰ ਵਰਗ ਇਸ ਸਰਕਾਰ ਤੋਂ ਖੁਸ਼ ਨਹੀਂ ਹੈ। ਉਨ੍ਹਾਂ ਨੇ ਕਿਸਾਨਾਂ ਦੇ ਮਸਲੇ ਉਠਾਉਂਦਿਆਂ ਕਿਹਾ ਕਿ ਮੁਆਵਜ਼ੇ ਦੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਕਈ ਕਿਸਾਨ ਤੇ ਜਮੀਨਦਾਰ ਅਜੇ ਵੀ ਇੰਤਜ਼ਾਰ ਕਰ ਰਹੇ ਹਨ। ਬੋਨੀ ਅਜਨਾਲਾ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਦਿਨੋਂ-ਦਿਨ ਖਰਾਬ ਹੋ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਸਰਕਾਰ ਤੋਂ ਉੱਠਦਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ ਅਤੇ ਭਾਜਪਾ ਮਜ਼ਬੂਤੀ ਨਾਲ ਉਭਰ ਰਹੀ ਹੈ।