ਕੋਟਕਪੂਰਾ : ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ ਕੋਟਕਪੂਰਾ ਵਿਖੇ ਮਾਵਾਂ-ਧੀਆਂ ਦੇ ਸਨਮਾਨ ਅਤੇ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਲੈ ਕੇ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਾਵਾਂ ਅਤੇ ਧੀਆਂ ਦੇ ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਚਲ ਰਹੀਆਂ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਸਖੀਆਂ ਜ਼ਮੀਨੀ ਪੱਧਰ ‘ਤੇ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਅਹਿਮ ਕੜੀ ਹਨ, ਜਿਨ੍ਹਾਂ ਦੀ ਭੂਮਿਕਾ ਸਮਾਜਿਕ ਭਲਾਈ ਯੋਜਨਾਵਾਂ ਨੂੰ ਸਫਲ ਬਣਾਉਣ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਹਾਜ਼ਰ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮਾਵਾਂ-ਧੀਆਂ ਦੇ ਸਨਮਾਨ ਨਾਲ ਜੁੜੀਆਂ ਯੋਜਨਾਵਾਂ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਇਸ ਮੌਕੇ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨੇ ਵੀ ਆਪਣੇ ਸੁਝਾਅ ਅਤੇ ਮੰਗਾਂ ਸਪੀਕਰ ਸ ਸੰਧਵਾਂ ਅੱਗੇ ਰੱਖੀਆਂ, ਜਿਨ੍ਹਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਹੱਕਾਂ ਅਤੇ ਸੁਵਿਧਾਵਾਂ ਸਬੰਧੀ ਹਰ ਸੰਭਵ ਯਤਨ ਕੀਤੇ ਜਾਣਗੇ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸਖੀਆਂ, ਆਂਗਣਵਾੜੀ ਵਰਕਰਾਂ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।