ਸੰਗਰੂਰ : ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਨੂੰ ਲੈ ਕੇ ਸ਼ਨੀਵਾਰ ਨੂੰ ਸ਼ੁਰੂ ਹੋਏ ਵਿਵਾਦ ਵਿੱਚ ਨੈਸ਼ਨਲ ਹਾਈਵੇਅ ਜਾਮ ਕਰਨ ਵਾਲੇ ਟਰੱਕ ਆਪਰੇਟਰਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਹਲਕੇ ਲਾਠੀਚਾਰਜ ਤੋਂ ਗੁੱਸੇ ਵਿੱਚ ਆਏ ਆਪਰੇਟਰਾਂ ਨੇ ਰਾਤ ਨੂੰ ਪੁਲਿਸ 'ਤੇ ਪਥਰਾਅ ਕਰ ਦਿੱਤਾ। ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਅਤੇ ਪੁਲਿਸ ਦੀਆਂ ਦੋ ਗੱਡੀਆਂ ਵੀ ਪਥਰਾਅ ਕਾਰਨ ਨੁਕਸਾਨੀਆਂ ਗਈਆਂ। ਇਸ ਘਟਨਾਕ੍ਰਮ ਨੂੰ ਲੈ ਕੇ ਪੁਲਿਸ ਨੇ ਦਰਜਨ ਭਰ ਵਿਅਕਤੀਆਂ ਖ਼ਿਲਾਫ਼ ਇਰਾਦਾ-ਏ-ਕਤਲ, ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਐੱਸ.ਐੱਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਇਸ ਪੂਰੀ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਉੱਤੇ
ਧਾਰਾ 109 (ਕਤਲ ਦੀ ਕੋਸ਼ਿਸ਼)ਧਾਰਾ 304, 132, 221, 115(2), 324(5), 126(2), 285, 191(3), 190 ਨੈਸ਼ਨਲ ਹਾਈਵੇਅ ਐਕਟ ਦੀ ਧਾਰਾ 8 ਅਤੇ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਤ ਧਾਰਾਵਾਂ ਸ਼ਾਮਲ ਹਨ।
ਪੁਲਿਸ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਤੁਰੰਤ ਟੀਮਾਂ ਗਠਿਤ ਕਰਕੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਕਾਰਵਾਈ ਦੌਰਾਨ ਹੁਣ ਤੱਕ 10 ਤੋਂ ਵੱਧ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਫਿਲਹਾਲ ਇਲਾਕੇ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਹੈ।
ਜ਼ਿਕਰਯੋਗ ਹੈ ਕਿ ਟਰੱਕ ਆਪਰੇਟਰ ਯੂਨੀਅਨ ਦੀ ਪ੍ਰਧਾਨਗੀ ਲਈ ਸ਼ਨੀਵਾਰ ਦਾ ਦਿਨ ਤੈਅ ਕੀਤਾ ਗਿਆ ਸੀ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਸਮਰਥਨ ਵਾਲੇ ਦਾਅਵੇਦਾਰਾਂ ਨੂੰ ਡੀ.ਐੱਸ.ਪੀ. ਦਫ਼ਤਰ ਬੁਲਾਇਆ ਗਿਆ, ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਦੂਜੇ ਗੁੱਟ ਨਾਲ ਸਬੰਧਤ ਮਾਲਵਿੰਦਰ ਸਿੰਘ ਮਾਲਾ ਨੂੰ ਪ੍ਰਧਾਨ ਚੁਣ ਲਿਆ ਗਿਆ।ਇਸ ਦੀ ਭਣਕ ਲੱਗਦਿਆਂ ਹੀ ਵਿਧਾਇਕਾ ਭਰਾਜ ਡੀ.ਐੱਸ.ਪੀ. ਦਫ਼ਤਰ ਪਹੁੰਚੇ ਅਤੇ ਆਪਣੇ ਸਮਰਥਕਾਂ ਨੂੰ ਉੱਥੋਂ ਆਜ਼ਾਦ ਕਰਵਾਇਆ, ਜਿਸ ਤੋਂ ਬਾਅਦ ਇਸ ਗੁੱਟ ਨੇ ਲਵਲੀ ਸ਼ਰਮਾ ਕਾਕੜਾ ਨੂੰ ਪ੍ਰਧਾਨ ਐਲਾਨ ਦਿੱਤਾ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਵਿਵਾਦ ਭੜਕ ਗਿਆ। ਪੁਲਿਸ ਨੇ ਲਵਲੀ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਦੇ ਵਿਰੋਧ ਵਿੱਚ ਉਨ੍ਹਾਂ ਦੇ ਸਮਰਥਕਾਂ ਨੇ ਬਠਿੰਡਾ-ਚੰਡੀਗੜ੍ਹ ਹਾਈਵੇਅ ਦੇਰ ਰਾਤ ਤੱਕ ਜਾਮ ਰੱਖਿਆ। ਹਾਈਵੇਅ ਖੁਲ੍ਹਵਾਉਣ ਦੀ ਕੋਸ਼ਿਸ਼ ਦੌਰਾਨ ਹੀ ਟਰੱਕ ਆਪਰੇਟਰਾਂ ਨੇ ਪੁਲਿਸ 'ਤੇ ਪਥਰਾਅ ਕੀਤਾ। ਰਾਤ ਸਾਢੇ ਨੌਂ ਵਜੇ ਪੁਲਿਸ ਨੇ ਹਾਈਵੇਅ ਚਾਲੂ ਕਰਵਾਇਆ।