ਦੇਵੀਗੜ੍ਹ : ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਨੂੰ ਪਿੱਠ ਦਿਖਾ ਕੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਫ਼ੈਸਲੇ ਵਿਰੁੱਧ ਅੱਜ ਹਲਕਾ ਸਨੌਰ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਇਕੱਠੇ ਹੋਏ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਹਲਕਾ ਸਨੌਰ ਵਿੱਚ ਵੱਖ ਵੱਖ ਥਾਂਵਾ ਤੇ ਇਨ੍ਹਾਂ ਮੈਂਬਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਪੁਤਲੇ ਸਾੜੇ। ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਦੁਧਨ ਸਾਧਾਂ, ਸ਼ਵਿੰਦਰ ਕੌਰ ਧੰਜੂ ਪ੍ਰਧਾਨ ਨਗਰ ਕੌਂਸਲ ਦੇਵੀਗੜ੍ਹ, ਸਰਬਜੀਤ ਸਿੰਘ ਨੈਂਣਾਂ ਚੇਅਰਮੈਨ, ਹਰਪ੍ਰੀਤ ਸਿੰਘ ਘੁਮਾਣ ਵਾਈਸ ਚੇਅਰਮੈਨ, ਗੁਰਪ੍ਰੀਤ ਸਿੰਘ ਸਰਪੰਚ, ਅਮਰ ਸੰਘੇੜਾ ਯੂਥ ਪ੍ਰਧਾਨ, ਗੁਰਪ੍ਰੀਤ ਸਿੰਘ ਗੋਪੀ ਜਿਲ੍ਹਾ ਪ੍ਰੀਸ਼ਦ ਮੈਂਬਰ ਤੋਂ ਇਲਾਵਾ ਅਤੇ ਵੱਖ-ਵੱਖ ਵਾਰਡਾਂ ਦੇ ਕੌਂਸਲਰ, ਬਲਾਕ ਪ੍ਰਧਾਨ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਆਪ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ. ਰੋਸ ਪ੍ਰਦਰਸ਼ਨ ਦੌਰਾਨ ਹੱਥਾਂ ਵਿੱਚ ਪੋਸਟਰ ਫੜ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਇਹ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਦੀ ਬਦੌਲਤ ਅਤੇ ਲੋਕਾਂ ਦੇ ਵਿਸ਼ਵਾਸ ਸਦਕਾ ਉੱਚੇ ਅਹੁਦਿਆਂ ਤੱਕ ਪਹੁੰਚੇ ਸਨ। ਉਨ੍ਹਾਂ ਕਿਹਾ, ਜਿਸ ਪਾਰਟੀ ਨੇ ਇਨ੍ਹਾਂ ਨੂੰ ਪਛਾਣ ਦਿੱਤੀ, ਉਸੇ ਨਾਲ ਧੋਖਾ ਕਰਕੇ ਭਾਜਪਾ ਵਿੱਚ ਸ਼ਾਮਲ ਹੋਣਾ ਸਿਆਸੀ ਮੰਦਭਾਗੀ ਅਤੇ ਗ਼ਦਾਰੀ ਦੀ ਸਭ ਤੋਂ ਵੱਡੀ ਮਿਸਾਲ ਹੈ। ਇਸ ਤੋਂ ਵੱਡੀ ਨੀਚਤਾ ਹੋਰ ਕੀ ਹੋ ਸਕਦੀ ਹੈ। ਸ. ਹਡਾਣਾ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਲਾਲਚ ਜਾਂ ਡਰਾ-ਧਮਕਾ ਕੇ ਆਪਣੇ ਵੱਲ ਖਿੱਚ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕਾਪ੍ਰਸਤ ਆਗੂਆਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ, ਕਿਉਂਕਿ ਪਾਰਟੀ ਦੀ ਅਸਲ ਤਾਕਤ ਇਸ ਦੇ ਇਮਾਨਦਾਰ ਵਲੰਟੀਅਰ ਅਤੇ ਜਨਤਾ ਹੈ। ਪੁਤਲੇ ਸਾੜਨ ਮੌਕੇ ਮੌਜੂਦ ਆਪ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਮੈਂਬਰਾਂ ਨੇ ਪਾਰਟੀ ਨਾਲ ਗ਼ਦਾਰੀ ਕੀਤੀ ਹੈ, ਉਨ੍ਹਾਂ ਨੂੰ ਇਤਿਹਾਸ ਕਦੇ ਮੁਆਫ਼ ਨਹੀਂ ਕਰੇਗਾ। ਪ੍ਰਦਰਸ਼ਨ ਦੌਰਾਨ ਸਨੌਰ ਹਲਕੇ ਦੇ ਮੁੱਖ ਚੌਕਾਂ ਵਿੱਚ ਇਨ੍ਹਾਂ ਆਗੂਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।