ਘੜੂੰਆਂ : ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀਤੀ ਗਈ। ਇਸ ਮੌਕੇ ਤੇ ਬਲਾਕ ਘੜੂੰਆ ਦੀਆਂ ਤਿੰਨ ਸਰਵੋਤਮ ਆਸ਼ਾ ਵਰਕਰਾਂ ਸੁਰਿੰਦਰ ਕੌਰ, ਸ਼ੀਲਾ ਅਤੇ ਜਸਪਾਲ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਆਸ਼ਾ ਵਰਕਰਾਂ ਦੀ ਸਿਹਤ ਸੇਵਾਵਾਂ ਵਿੱਚ ਭੂਮਿਕਾ ਅਤੇ ਯੋਗਦਾਨ ਨੂੰ ਵੀ ਉਜਾਗਰ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਆਪਣੀ ਡਿਊਟੀ ਨਿਭਾਉਣ ਲਈ ਹੋਰ ਵੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਮੈਡੀਕਲ ਅਫਸਰ ਡਾ. ਸਰੋਜ, ਬੀ.ਈ.ਈ ਸਾਹਿਲ ਸੁਖੇਰਾ, ਸਟਾਫ ਨਰਸ ਰਿਸ਼ਮਜੀਤ ਅਤੇ ਅਮਨਦੀਪ ਕੌਰ ਵੀ ਮੌਜੂਦ ਸਨ, ਜਿਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।