ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਬੀਲ ਦੀ ਸੇਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੇਵਾ ਦੇ ਅਸਲ ਸਿਧਾਂਤ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸੇਵਾ ਦਾ ਮਾਰਗ ਦਿਖਾਇਆ ਹੈ ਅਤੇ ਉਹ ਮਨੁੱਖ ਵਡਭਾਗਾ ਹੈ ਜਿਸ ਨੂੰ ਸੇਵਾ ਦਾ ਮੌਕਾ ਮਿਲਦਾ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅਜੋਕੇ ਸਮੇਂ ਵਿੱਚ, ਖ਼ਾਸ ਕਰਕੇ ਸ਼ਹਿਰਾਂ ਵਿੱਚ, ਲੋਕ ਹੱਥੀਂ ਸੇਵਾ ਕਰਨ ਦੀ ਬਜਾਏ ਪੈਸੇ ਦੇ ਕੇ ਕੰਮ ਕਰਵਾਉਣ ਨੂੰ ਪਹਿਲ ਦੇਣ ਲੱਗੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਘਰ ਦੇ ਸਮਾਗਮਾਂ ਵਿੱਚ ਮਾਈਆਂ-ਬੀਬੀਆਂ ਅਤੇ ਭਾਈਆਂ ਨੂੰ ਆਪ ਸਬਜ਼ੀਆਂ ਬਣਾਉਣ ਅਤੇ ਪ੍ਰਸ਼ਾਦੇ ਪਕਾਉਣ ਵਰਗੀਆਂ ਹੱਥੀਂ ਸੇਵਾਵਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਵਧ ਰਹੀ ਗਰਮੀ ਦਾ ਜ਼ਿਕਰ ਕਰਦਿਆਂ ਜਥੇਦਾਰ ਨੇ ਕਿਹਾ ਕਿ ਜਿੱਥੇ ਵੀ ਜਲ ਦੀ ਲੋੜ ਹੈ, ਉੱਥੇ ਸੰਗਤਾਂ ਨੂੰ ਠੰਢੇ ਜਲ ਦੀਆਂ ਛਬੀਲਾਂ ਜ਼ਰੂਰ ਲਗਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਵਾਤਾਵਰਣ ਦੀ ਸੰਭਾਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਨੂੰ ਕੇਵਲ ਛਬੀਲਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਵੱਧ ਤੋਂ ਵੱਧ ਰੁੱਖ ਵੀ ਲਗਾਉਣੇ ਚਾਹੀਦੇ ਹਨ ਅਤੇ ਲਗਾਏ ਗਏ ਰੁੱਖਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਕੀਰਤਪੁਰ ਸਾਹਿਬ ਦੇ 'ਨੌ ਲੱਖਾ ਬਾਗ' ਦਾ ਉਦਾਹਰਨ ਦਿੰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਕੁਦਰਤ ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ। ਜਥੇਦਾਰ ਗੜਗੱਜ ਨੇ ਜਲ ਦੇ ਕੁਦਰਤੀ ਸਰੋਤਾਂ ਅਤੇ ਦਰਿਆਵਾਂ ਦੀ ਸਾਂਭ-ਸੰਭਾਲ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਪੰਛੀਆਂ ਅਤੇ ਬੇਜ਼ੁਬਾਨ ਜੀਵਾਂ ਪ੍ਰਤੀ ਹਮਦਰਦੀ ਜਤਾਉਂਦਿਆਂ ਉਨ੍ਹਾਂ ਕਿਹਾ ਕਿ ਇਨਸਾਨ ਤਾਂ ਆਪਣੇ ਲਈ ਪਾਣੀ ਦਾ ਪ੍ਰਬੰਧ ਕਰ ਲੈਂਦਾ ਹੈ, ਪਰ ਗਰਮੀ ਵਿੱਚ ਪੰਛੀਆਂ ਨੂੰ ਭਾਰੀ ਮੁਸ਼ਕਿਲ ਆਉਂਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਕੋਠੀਆਂ ਅਤੇ ਘਰਾਂ ਦੀਆਂ ਛੱਤਾਂ 'ਤੇ ਪੰਛੀਆਂ ਲਈ ਪਾਣੀ ਅਤੇ ਚੋਗੇ ਦਾ ਪ੍ਰਬੰਧ ਕਰਨ। ਉਨ੍ਹਾਂ ਕਿਹਾ ਕਿ ਕੁਦਰਤ ਦੇ ਹਰ ਜੀਵ ਦੀ ਸੇਵਾ ਕਰਨਾ ਹੀ ਅਸਲ ਮਨੁੱਖਤਾ ਹੈ।