ਬਲਾਚੌਰ, 27 ਅਪ੍ਰੈਲ (ਮੋਹਿਤ ਕੁਮਾਰ) : ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਲਾਚੌਰ ਦੇ ਪਿੰਡ ਸਿਆਣਾ ਤੋਂ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ। ਇਸ ਯਾਤਰਾ ਨੂੰ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਇਹਨਾਂ ਦੇ ਨਾਲ ਨਗਰ ਕੌਂਸਲਰ ਰਾਧੇ ਸ਼ਾਮ ਬਿਲੂ ਚੌਧਰੀ,ਪੁੰਨਮ ਰਾਣੀ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।ਇਹ ਧਾਰਮਿਕ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ,ਦੁਰਗਿਆਣਾ ਮੰਦਰ,ਵਾਘਾ ਬਾਰਡਰ ਦੇ ਦਰਸ਼ਨ ਕਰਨਗੇ।ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਖਾਣਾ, ਰਹਿਣ-ਸਹਿਣ ਅਤੇ ਮੈਡੀਕਲ ਸਹਾਇਤਾ ਦਾ ਸਾਰਾ ਖਰਚਾ ਖ਼ੁਦ ਚੁੱਕਿਆ ਜਾ ਰਿਹਾ ਹੈ।ਇਸ ਮੌਕੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ, "ਇਹ ਸਿਰਫ਼ ਇੱਕ ਸਫ਼ਰ ਨਹੀਂ, ਸਗੋਂ ਭਗਤੀ ਅਤੇ ਆਸਥਾ ਦਾ ਪ੍ਰਤੀਕ ਹੈ, ਜਿਸ ਨਾਲ ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਆਪਣੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲ ਰਿਹਾ ਹੈ।"ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ਼ ਨਜ਼ਰ ਆ ਰਹੀ ਸੀ। ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਲੈ ਕੇ ਤੀਰਥ ਸਥਾਨਾਂ ਤੱਕ ਮੁਫ਼ਤ ਪਹੁੰਚਾ ਰਹੀ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।