ਅੰਮ੍ਰਿਤਸਰ : ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਵੈ-ਗਣਨਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਸਵੈ-ਗਣਨਾ ਐਸ.ਈ ਪੋਰਟਲ ਉੱਤੇ 30 ਅਪ੍ਰੈਲ ਤੋਂ 14 ਮਈ ਤੱਕ ਕੀਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਇਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਜ਼ਿਲ੍ਹਾ ਵਾਸੀ ਖ਼ੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਨਾਗਰਿਕਾਂ ਨੂੰ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ (se.census.gov.in) 'ਤੇ ਜਾਣਾ ਹੋਵੇਗਾ। ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ 'ਤੇ ਲਾਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਪੋਰਟਲ 'ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ। ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇਕ 'ਸੈਲਫ-ਐਨੂਮਰੇਸ਼ਨ ਆਈ.ਡੀ' (ਐਸ.ਈ.ਆਈ.ਡੀ) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਵਿਭਾਗ ਵੱਲੋਂ ਪਹਿਲੀ ਵਾਰ ਆਪਣੀ ਜਨਗਣਨਾ ਆਪ ਕਰਨ ਦਾ ਇਹ ਵਿਕਲਪ ਰੱਖਿਆ ਗਿਆ ਹੈ, ਜਿਸ ਦਾ ਨਾਗਰਿਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜਨਗਣਨਾ ਵਿਭਾਗ ਦਾ ਪੋਰਟਲ 14 ਮਈ ਤੱਕ ਖੁੱਲ੍ਹਾ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗਿਣਤੀਕਾਰਾਂ ਵੱਲੋਂ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ, ਜਿਸ ਦੌਰਾਨ ਗਿਣਤੀਕਾਰ ਘਰ-ਘਰ ਜਾ ਕੇ ਡਾਟਾ ਇੰਦਰਾਜ ਕਰਨਗੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜਨਗਣਨਾ ਲਈ ਇਕੱਤਰ ਕੀਤੀ ਗਈ ਸੂਚਨਾ ਸਰਕਾਰ ਵੱਲੋਂ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜਨਗਣਨਾ ਦਾ ਕੰਮ ਅਤਿ ਮਹੱਤਵਪੂਰਨ ਹੈ ਅਤੇ ਇਹ ਸਰਕਾਰ ਵੱਲੋਂ ਨਵੀਆਂ ਵਿਕਾਸ ਯੋਜਨਾਵਾਂ ਉਲੀਕਣ ਵਿਚ ਸਹਾਇਕ ਹੋਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰੀ ਮਹੱਤਵ ਦੇ ਇਸ ਕਾਰਜ ਵਿਚ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਸਹਿਯੋਗ ਦੇਣ ਅਤੇ ਸਹੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਉਣ।