ਕੁਰਾਲੀ : ਕੌਮੀ ਮਜ਼ਦੂਰ ਦਿਵਸ ਦੇ ਮੌਕੇ ਤੇ ਅੱਜ ਸਥਾਨਕ ਸ਼ਹਿਰ ਵਿਖੇ ਰਵਿੰਦਰ ਸਿੰਘ ਰਵੀ ਵੜੈਚ ਸਕੱਤਰ ਪੰਜਾਬ ਯੂਥ ਕਾਂਗਰਸ ਵੱਲੋਂ ਮਜ਼ਦੂਰ ਵਰਗ ਦੀ ਭਲਾਈ ਲਈ ਇੱਕ ਵਿਸ਼ੇਸ਼ ਉਪਰਾਲਾ ਕਰਦਿਆਂ ਉਨ੍ਹਾਂ ਦੇ ਰੋਜਮਰਾ ਵਰਤੋਂ ਵਿੱਚ ਆਉਣ ਵਾਲਾ ਅਤੇ ਘਰੇਲੂ ਵਰਤੋਂ ਦੀਆਂ ਚੀਜ਼ਾਂ ਅਤੇ ਹੋਰ ਲੋੜੀਂਦੇ ਸਾਮਾਨ ਦੀ ਵੰਡ ਕੀਤੀ ਗਈ।ਇਸ ਸਮਾਗਮ ਦੌਰਾਨ ਹਾਜ਼ਰ ਕਿਰਤੀਆਂ ਨੇ ਯੂਥ ਆਗੂ ਰਵੀ ਵੜੈਚ ਦੇ ਇਸ ਉਪਰਾਲੇ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਜਿਕ ਕੰਮ ਉਨ੍ਹਾਂ ਨੂੰ ਹੌਸਲਾ ਦਿੰਦੇ ਹਨ ਅਤੇ ਸਮਾਜ ਵਿੱਚ ਇੱਕ ਸਕਾਰਾਤਮਕ ਸੰਦੇਸ਼ ਪੈਦਾ ਕਰਦੇ ਹਨ। ਇਸ ਮੌਕੇ ਯੂਥ ਕਾਂਗਰਸੀ ਆਗੂ ਰਵੀ ਵੜੈਚ ਨੇ ਕਿਹਾ ਕਿ ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ ਹੈ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਹਰ ਖੇਤਰ ਵਿੱਚ ਵਿਕਾਸ ਸੰਭਵ ਬਣਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹਰ ਇੱਕ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਹੈ, ਪਰ ਮੌਜੂਦਾ ਸਮੇਂ ਵਿੱਚ ਮਜ਼ਦੂਰ ਵਰਗ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਵਿੱਚ ਮਹਿੰਗਾਈ, ਰੋਜ਼ਗਾਰ ਦੀ ਅਸਥਿਰਤਾ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਸ਼ਾਮਲ ਹੈ। ਇਸ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆ ਕੇ ਮਜ਼ਦੂਰਾਂ ਦੀ ਮਦਦ ਕਰਨੀ ਚਾਹੀਦੀ ਹੈ। ਰਵੀ ਵੜੈਚ ਨੇ ਦੱਸਿਆ ਕਿ ਉਹ ਹਮੇਸ਼ਾ ਮਜ਼ਦੂਰ ਭਾਈਚਾਰੇ ਦੇ ਨਾਲ ਖੜੇ ਰਹਿਣਗੇ ਅਤੇ ਉਨ੍ਹਾਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਸੇਵਾ ਕਾਰਜ ਅੱਗੇ ਵੀ ਜਾਰੀ ਰੱਖਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਸਮਾਜ ਸੇਵਾ ਵਿੱਚ ਅੱਗੇ ਆਉਣ ਅਤੇ ਲੋੜਵੰਦਾਂ ਦੀ ਮਦਦ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਮੌਂਟੀ, ਅਮਰਜੀਤ ਸਿੰਘ ਵੜੈਚ, ਬਲਕਾਰ ਸਿੰਘ ਬੱਲੀ, ਸਿਕੰਦਰ ਪੰਚ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਰੌਕੀ ਅਤੇ ਪ੍ਰੀਤ ਧਨੋਆ ਸਮੇਤ ਇਲਾਕੇ ਦੇ ਯੂਥ ਆਗੂ ਵੀ ਹਾਜ਼ਰ ਸਨ।
ਤਸਵੀਰ ਨਾਲ ਨੱਥੀ ਹੈ।