ਨਵਾਂਸ਼ਹਿਰ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਮੀਟਿੰਗ ਦੇ ਕੇ ਵਾਰ-ਵਾਰ ਮੁਕਰਨ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਗੁੱਸੇ ਵਿੱਚ ਆਏ ਠੇਕਾ ਕਾਮਿਆਂ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਅਤੇ ਅੱਜ ਤੋਂ ਮੁਕੰਮਲ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਤਰਲੋਚਨ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ 16 ਦਿਨਾਂ ਦੀ ਲੰਬੀ ਹੜਤਾਲ ਤੋਂ ਬਾਅਦ ਵਿੱਤ ਮੰਤਰੀ ਅਤੇ ਬਿਜਲੀ ਮੰਤਰੀ ਵੱਲੋਂ 30 ਅਪ੍ਰੈਲ ਨੂੰ ਮੀਟਿੰਗ ਕਰਕੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਜਥੇਬੰਦੀ ਨੇ ਇਸੇ ਭਰੋਸੇ 'ਤੇ ਆਪਣਾ ਸੰਘਰਸ਼ ਮੁਲਤਵੀ ਕੀਤਾ ਸੀ, ਪਰ ਅੱਜ ਸਰਕਾਰ ਵੱਲੋਂ ਮੀਟਿੰਗ ਰੱਦ ਕਰਕੇ ਮੁਲਾਜ਼ਮਾਂ ਨਾਲ ਵਾਅਦਾ-ਖਿਲਾਫ਼ੀ ਕੀਤੀ ਗਈ ਹੈ, ਜਿਸ ਕਾਰਨ ਕਾਮਿਆਂ ਵਿੱਚ ਭਾਰੀ ਰੋਸ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਦੁਹਰਾਉਂਦਿਆਂ ਕਿਹਾ ਕਿ ਸਮੂਹ ਆਊਟ-ਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਕੇ ਪੱਕਾ ਕੀਤਾ ਜਾਵੇ।ਘੱਟੋ-ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕੀਤੀ ਜਾਵੇ।ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦੀ ਗਰੰਟੀ ਦਿੱਤੀ ਜਾਵੇ।ਬਿਜਲੀ ਖੇਤਰ ਵਿੱਚੋਂ ਠੇਕੇਦਾਰੀ ਸਿਸਟਮ ਅਤੇ ਨਿੱਜੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ।
ਜਥੇਬੰਦੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ, ਇਹ ਹੜਤਾਲ ਅਤੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਪਲਾਈ ਬਹਾਲ ਰੱਖਣ ਲਈ ਕਾਮੇ ਆਪਣੀਆਂ ਜਾਨਾਂ ਜ਼ੋਖ਼ਮ ਵਿੱਚ ਪਾ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਸੁਰੱਖਿਆ ਅਤੇ ਹੱਕਾਂ ਪ੍ਰਤੀ ਗੰਭੀਰ ਨਹੀਂ ਹੈ।