ਬਹਾਦਰਗੜ੍ਹ/ ਪਟਿਆਲਾ : ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਗਏ ਨਵੇਂ ਅਤੇ ਸਖ਼ਤ ਕਾਨੂੰਨ ਦੀ ਖੁਸ਼ੀ ਵਿੱਚ ਅੱਜ
ਪਿੰਡ ਰਾਏਪੁਰ ਮੰਡਲਾਂ ਦੇ ਵਾਸੀਆਂ ਵਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਧਾਰਮਿਕ ਸਮਾਗਮ ਤੋਂ ਬਾਅਦ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਇੱਕ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਫ਼ਤ ਤੀਰਥ ਯਾਤਰਾ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਸ਼ਲਾਘਾਯੋਗ ਹੈ ਅਤੇ ਇਸ ਨਾਲ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਨਸਰਾਂ ਨੂੰ ਨੱਥ ਪਵੇਗੀ। ਇਸ ਮੌਕੇ ਸਰਪੰਚ ਸਰਬਜੀਤ ਕੌਰ, ਗੁਰਮੀਤ ਸਿੰਘ ਬਲਾਕ ਸੰਮਤੀ ਮੈਂਬਰ (ਜ਼ੋਨ ਮੀਰਾ ਕਲੋਨੀ), ਗੁਰਪ੍ਰੀਤ ਸਿੰਘ ਬਲਾਕ ਸੰਮਤੀ ਮੈਂਬਰ, ਰਾਜਿੰਦਰ ਖਹਿਰਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਜਗਤਾਰ ਸਿੰਘ ਅਤੇ ਗੁਰਜਿੰਦਰ ਸਿੰਘ ਯੂ.ਐਸ.ਏ. ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਬੱਸ ਨੂੰ ਰਵਾਨਾ ਕਰਨ ਦੀ ਰਸਮ ਨਿਭਾਈ। ਇਸ ਮੌਕੇ ਮੌਜੂਦ ਵਿਅਕਤੀਆ ਨੇ ਸਰਕਾਰ ਦੇ ਇਸ ਫੈਸਲੇ 'ਤੇ ਖੁਸ਼ੀ ਪ੍ਰਗਟਾਈ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।