ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ 32ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਇਤਿਹਾਸ ਅਤੇ ਸਾਲ 1994 ਦੇ ‘ਅੰਮ੍ਰਿਤਸਰ ਐਲਾਨਨਾਮੇ’ ’ਤੇ ਵਿਸਥਾਰ ਨਾਲ ਰੌਸ਼ਨੀ ਪਾਈ। ਮਾਨ ਨੇ ਕਿਹਾ ਕਿ ਉਸ ਸਮੇਂ ਦੇ ਕਈ ਪ੍ਰਮੁੱਖ ਆਗੂ, ਜਿਨ੍ਹਾਂ ਨੇ ਅਸਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਸ ਐਲਾਨਨਾਮੇ ਨੂੰ ਬਰਕਰਾਰ ਰੱਖਣ ਦੀ ਸਹੁੰ ਚੁੱਕੀ ਸੀ, ਬਾਅਦ ਵਿੱਚ ਕੇਂਦਰ ਸਰਕਾਰ ਦੇ ਦਬਾਅ ਕਾਰਨ ਕਾਂਗਰਸ, ਭਾਜਪਾ ਜਾਂ ਬਾਦਲ ਦਲ ਵਰਗੀਆਂ ਮੁੱਖ ਧਾਰਾ ਦੀਆਂ ਰਾਜਨੀਤਿਕ ਪਾਰਟੀਆਂ ਵਿੱਚ ਸ਼ਾਮਲ ਹੋ ਗਏ, ਜੋ ਕਿ ਦੁਖਦਾਈ ਹੈ।ਉਨ੍ਹਾਂ ਇਨ੍ਹਾਂ ਘਟਨਾਵਾਂ ਦੇ ਇਤਿਹਾਸਕ ਮਹੱਤਵ ’ਤੇ ਜ਼ੋਰ ਦਿੰਦਿਆਂ ਸੁਝਾਅ ਦਿੱਤਾ ਕਿ ‘ਅੰਮ੍ਰਿਤਸਰ ਐਲਾਨਨਾਮੇ’ ਦਾ ਅਸਲ ਦਸਤਾਵੇਜ਼, ਜੋ ਇਸ ਸਮੇਂ ਉਸ ਵੇਲੇ ਦੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਭਾਈ ਮਨਜੀਤ ਸਿੰਘ ਕੋਲ ਵਿਦੇਸ਼ ਵਿੱਚ ਸੁਰੱਖਿਅਤ ਹੈ, ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਲਾਇਬਰੇਰੀ ਵਿੱਚ ਸੰਭਾਲ ਕੇ ਰੱਖਿਆ ਜਾਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਇਤਿਹਾਸਕ ਵਿਰਾਸਤ ਬਣੀ ਰਹੇ।ਮਾਨ ਨੇ ਸਿੱਖ ਆਗੂਆਂ ਦੇ ਕਤਲਾਂ ਸਬੰਧੀ ਕਥਿਤ ਅੰਤਰਰਾਸ਼ਟਰੀ ਸਾਜ਼ਿਸ਼ਾਂ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਭਾਰਤ ਸਰਕਾਰ ਦੀ ਸੰਭਾਵਿਤ ਭੂਮਿਕਾ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਅਮਰੀਕਾ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਰਕਾਰ ’ਤੇ ਦਬਾਅ ਪਾਉਣ ਤਾਂ ਜੋ ਜਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਦੀਪ ਸਿੱਧੂ ਅਤੇ ਸਿੱਧੂ ਮੂਸੇਵਾਲਾ ਵਰਗੀਆਂ ਸਥਾਨਕ ਮੌਤਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਦੇ ਘਰ ਵੀ ਹਾਲ ਹੀ ਵਿੱਚ ਹਥਿਆਰਬੰਦ ਅਣਪਛਾਤੇ ਵਿਅਕਤੀ ਦਾਖਲ ਹੋਏ ਸੀ, ਜਿਸ ਨਾਲ ਸੁਰੱਖਿਆ ਸੰਬੰਧੀ ਚਿੰਤਾਵਾਂ ਵਧ ਗਈਆਂ ਹਨ। ਮਾਨ ਨੇ ਅੰਤ ਵਿੱਚ ਐਲਾਨ ਕੀਤਾ ਕਿ ਸਾਲ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਪਾਰਟੀ ਵੱਲੋਂ ਇੱਕ ਪਾਰਲੀਮੈਂਟਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ ਮਹਿੰਦਰਪਾਲ ਸਿੰਘ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਜਨਰਲ ਸਕੱਤਰ ਉਪਕਾਰ ਸਿੰਘ ਸੰਧੂ, ਜਰਨਲ ਸਕੱਤਰ ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਜਸਵੀਰ ਸਿੰਘ ਬਚੜੇ, ਸ਼ਮਸ਼ੇਰ ਸਿੰਘ ਬਰਾੜ, ਹਰਜੀਤ ਸਿੰਘ ਮੀਆਪੁਰ, ਦਲਜੀਤ ਸਿੰਘ ਬਾਜਵਾ, ਬਲਜੀਤ ਸਿੰਘ ਬੁੱਟਰ, ਹਰਮਨਦੀਪ ਸਿੰਘ ਸੁਲਤਾਨਵਿੰਡ, ਅਮਰੀਕ ਸਿੰਘ ਨੰਗਲ, ਕੁਲਵੰਤ ਸਿੰਘ ਮਝੈਲ, ਕੁਲਵੰਤ ਸਿੰਘ ਮਜੀਠਾ, ਬੀਬੀ ਬਲਜਿੰਦਰ ਕੌਰ ਸੰਧੂ,ਬੀਬੀ ਮਨਦੀਪ ਕੌਰ, ਬੀਬੀ ਸੁਖਮਨ ਕੌਰ, ਗੁਰਬਚਨ ਸਿੰਘ ਪਵਾਰ, ਦਲਬੀਰ ਸਿੰਘ ਬੰਡਾਲਾ, ਅਮਰਿੰਦਰ ਸਿੰਘ ਜੋਰਾ, ਗੁਰਪ੍ਰੀਤ ਸਿੰਘ ਝਾਂਮਪੁਰ, ਤਰਲੋਕ ਸਿੰਘ ਬਿੱਟਾ, ਰਵੀ ਸ਼ੇਰ ਸਿੰਘ, ਮਨਕੀਰਤ ਸਿੰਘ ਤੇ ਹੋਰ ਹਾਜ਼ਰ ਸਨ ।