ਪਟਿਆਲਾ 2 ਮਈ (ਅਰਵਿੰਦਰ ਸਿੰਘ) : ਪਟਿਆਲਾ ਦੇ ਰਣਜੀਤ ਨਗਰ ਵਿੱਚ ਆਲ ਇੰਡੀਆ ਅੰਬੇਡਕਰ ਮਹਾਸਭਾ (ਰਜਿ.) ਦੇ ਕੇਂਦਰੀ ਦਫ਼ਤਰ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸਮਾਜ ਸੇਵਕਾਂ, ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਡਾ. ਬਲਬੀਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਦੇ ਸੁਪਨਿਆਂ ਵਾਲਾ ਸਮਾਜ ਤਦ ਹੀ ਬਣ ਸਕਦਾ ਹੈ ਜਦੋਂ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਗਾਤਾਰ ਕਦਮ ਚੁੱਕ ਰਹੀ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸੁਧਾਰ ਆ ਸਕੇ। ਸਿਹਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਬੀਮਾ ਦੇ ਕੇ ਸਰਕਾਰ ਨੇ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮੌਕੇ ਮਹਾਸਭਾ ਦੇ ਕੌਮੀ ਪ੍ਰਧਾਨ ਰਾਕੇਸ਼ ਬਹਾਦਰ ਨੇ ਵੀ ਅਮਰੀਕ ਸਿੰਘ ਬੰਗੜ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਇੱਕ ਸੱਚੇ ਅੰਬੇਡਕਰਵਾਦੀ ਹਨ। ਉਨ੍ਹਾਂ ਦੱਸਿਆ ਕਿ ਸੰਗਠਨ ਦੇਸ਼ ਦੇ 18 ਰਾਜਾਂ ਵਿੱਚ ਸਰਗਰਮ ਹੈ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਅੰਬੇਡਕਰਵਾਦੀ ਸੋਚ ਨਾਲ ਜੋੜ ਰਿਹਾ ਹੈ।