ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਤਿਹਾਸਕ ਗੋਲ ਬਾਗ ਸਟੇਡੀਅਮ ਵਿਖੇ ਬੀਤੇ ਦਿਨੀਂ ਪ੍ਰਾਚੀਨ ਸ਼ੈਲੀ ਕੁਸ਼ਤੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪੰਜਾਬ ਦੀ ਕੁਸ਼ਤੀ ਦੇ ਵੱਖ-ਵੱਖ ਵਰਗਾਂ ਵਿੱਚ ਹੋਏ ਇਹਨਾਂ ਮੁਕਾਬਲਿਆਂ ਦੀ ਅਗਵਾਈ ਪ੍ਰਸਿੱਧ ਉਸਤਾਦ ਸਤਪਾਲ ਪਹਿਲਵਾਨ ਵੱਲੋਂ ਕੀਤੀ ਗਈ। ਇਸ ਖੇਡ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਾਮੀ ਪਹਿਲਵਾਨਾਂ ਨੇ ਹਿੱਸਾ ਲਿਆ ਅਤੇ ਆਪਣੀ ਤਾਕਤ ਤੇ ਜੁਗਤ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਦੇ ਨਾਲ 'ਆਪ' ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਇੰਦਰਪਾਲ ਵੀ ਹਾਜ਼ਰ ਸਨ। ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਡਾ. ਨਿੱਜਰ ਨੇ ਆਪਣੇ ਸੰਬੋਧਨ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਜਨਰਲ ਸੈਕਟਰੀ ਮੋਹਨ ਚੰਦਰ, ਰਵੀ ਬੇਰੀ, ਸਿਕੰਦਰ ਕੇਰੋ, ਚਮਨ ਲਾਲ, ਤਿਲਕ ਰਾਜ ਪਾਸੀ, ਅਤੇ ਪਹਿਲਵਾਨ ਲੁਭਾਇਆ ਸਮੇਤ ਕਈ ਦਿੱਗਜ ਸ਼ਖਸੀਅਤਾਂ ਮੌਜੂਦ ਸਨ। ਇਸ ਤੋਂ ਇਲਾਵਾ ਰਾਜੇਸ਼ ਪਹਿਲਵਾਨ, ਜ਼ਿਲ੍ਹਾ ਕੋਚ ਕੇਵਲ ਅਟਵਾਲ ਅਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕਰਕੇ ਪਹਿਲਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਅੰਤ ਵਿੱਚ ਪ੍ਰਬੰਧਕਾਂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਆਯੋਜਨ ਪੰਜਾਬ ਦੀ ਵਿਰਾਸਤੀ ਖੇਡ ਕੁਸ਼ਤੀ ਨੂੰ ਜਿਉਂਦਾ ਰੱਖਣ ਲਈ ਬਹੁਤ ਜ਼ਰੂਰੀ ਹਨ।