ਬਲਾਚੌਰ : ਬੰਗਾਲ ਅਤੇ ਅਸਾਮ ਵਿੱਚ ਭਾਰਤੀ ਜਨਤਾ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਜਸ਼ਨ ਅੱਜ ਬਲਾਚੌਰ ਵਿਖੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਭਾਜਪਾ ਦੇ ਸੀਨੀਅਰ ਆਗੂ ਵਿਜੇ ਭਾਟੀਆ, ਰਿਟਾਇਰਡ ਆਈਪੀਐਸ ਅਸ਼ੋਕ ਬਾਠ ਦੀ ਅਗਵਾਈ ਹੇਠ ਮੇਨ ਚੌਂਕ ਬਲਾਚੌਰ ਵਿਖੇ ਵਰਕਰਾਂ ਨੇ ਇਕੱਠੇ ਹੋ ਕੇ ਪਾਰਟੀ ਦੇ ਝੰਡੇ ਲਹਿਰਾਏ, 'ਬੀਜੇਪੀ ਜਿੰਦਾਬਾਦ' ਦੇ ਨਾਅਰੇ ਲਾਏ ਅਤੇ ਖੁਸ਼ੀ ਵਿੱਚ ਲੱਡੂ ਵੰਡੇ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਬੰਗਾਲ ਅਤੇ ਅਸਾਮ ਦੇ ਲੋਕਾਂ ਨੇ ਵਿਕਾਸ ਅਤੇ ਸ਼ਾਂਤੀ 'ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਜਾਂ ਦੇ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਦੇ ਲੋਕਾਂ ਦਾ ਭਰੋਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਵਿੱਚ ਲਗਾਤਾਰ ਵੱਧ ਰਿਹਾ ਹੈ। ਪੰਜਾਬ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਇੱਥੋਂ ਦੇ ਲੋਕਾਂ ਨੂੰ ਵੀ ਸਮਝ ਆ ਚੁੱਕੀ ਹੈ ਕਿ 'ਡਬਲ ਇੰਜਣ' ਸਰਕਾਰ ਹੀ ਸੂਬੇ ਦਾ ਵਿਕਾਸ ਕਰ ਸਕਦੀ ਹੈ। ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਸੂਬਾ ਵਿਕਾਸ ਪੱਖੋਂ ਪਿੱਛੇ ਪੈ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ ਅਤੇ ਸੂਬੇ ਵਿੱਚ ਇੱਕ '24 ਕੈਰੇਟ' ਦੀ ਸ਼ੁੱਧ ਤੇ ਮਜ਼ਬੂਤ ਸਰਕਾਰ ਬਣਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਦਲਾਅ ਦੀ ਹਵਾ ਚੱਲ ਪਈ ਹੈ।