ਅੰਮ੍ਰਿਤਸਰ, ਅੰਮ੍ਰਿਤਸਰ ਦੇ ਖਾਸਾ ਕੈਂਪ ਇਲਾਕੇ ‘ਚ ਸਥਿਤ ਆਰਮੀ ਕੈਂਪ ਦੇ ਬਾਹਰ ਦੇਰ ਰਾਤ ਧਮਾਕਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਰਾਤ ਕਰੀਬ 11 ਵਜੇ ਤੋਂ ਬਾਅਦ ਅਚਾਨਕ ਤੇਜ਼ ਧਮਾਕੇ ਦੀ ਆਵਾਜ਼ ਸੁਣੀ ਗਈ, ਜਿਸ ਨਾਲ ਘਬਰਾਏ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਫੌਜ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਸੁਰੱਖਿਆ ਕੜੀ ਕਰ ਦਿੱਤੀ ਗਈ। ਫ਼ੋਰੈਂਸਿਕ ਟੀਮਾਂ ਅਤੇ ਡੌਗ ਸਕੁਆਡ ਵੱਲੋਂ ਮੌਕੇ ‘ਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਜਾਰੀ ਹੈ। ਮੌਕੇ ‘ਤੇ ਮੌਜੂਦ ਅਧਿਕਾਰੀਆਂ ਮੁਤਾਬਕ ਧਮਾਕੇ ਨਾਲ ਆਰਮੀ ਕੈਂਪ ਦੀ ਬਾਹਰੀ ਦੀਵਾਰ ‘ਤੇ ਲੱਗੀਆਂ ਟੀਨਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਹੋਈ, ਪਰ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀਆਂ ਹੋਈਆਂ ਹਰ ਪੱਖ ਤੋਂ ਜਾਂਚ ਕਰ ਰਹੀਆਂ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਪੀ ਅਦਿਤਿਆ ਵਾਰਿਅਰ ਨੇ ਦੱਸਿਆ ਕਿ ਧਮਾਕੇ ਦੀ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਫ਼ੋਰੈਂਸਿਕ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਸਲ ਕਾਰਣਾਂ ਦਾ ਖੁਲਾਸਾ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਵੱਲੋਂ ਮੀਡੀਆ ਨਾਲ ਹੋਰ ਜਾਣਕਾਰੀ ਸਾਂਝੀ ਕਰਨ ਤੋਂ ਅਜੇ ਗੁਰੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਦੇ ਨਤੀਜੇ ਆਉਣ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋਵੇਗੀ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਵਿੱਚ ਭਾਰੀ ਪੁਲਿਸ ਅਤੇ ਫੌਜ ਦੀ ਤਾਇਨਾਤੀ ਕੀਤੀ ਗਈ ਹੈ।