ਚੰਡੀਗੜ੍ਹ/ਐਸਏਐਸ ਨਗਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਮੋਹਾਲੀ ਦੇ 30 ਵਿੱਚੋਂ 25 ਕੈਡਿਟਾਂ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿਖੇ 157ਵੇਂ ਕੋਰਸ ਲਈ ਐਨਡੀਏ (1) ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ। ਯੂਪੀਐਸਸੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਪ੍ਰਾਪਤ ਕੀਤੀ ਸ਼ਾਨਦਾਰ 83 ਫ਼ੀਸਦ ਦੀ ਸਫਲਤਾ ਦਰ ਇਹ ਦਰਸਾਉਂਦੀ ਹੈ ਕਿ ਸੰਸਥਾ ਨੇ ਆਪਣੇ ਇਤਿਹਾਸ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਸਫਲਤਾ ਦਰ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਹੁਣ ਇਹ 25 ਕੈਡੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ ਜੋ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਦਾਖਲੇ ਦਾ ਆਖਰੀ ਸਕ੍ਰੀਨਿੰਗ ਪੜਾਅ ਹੈ। ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਐਸਐਸਬੀ ਇੰਟਰਵਿਊ ਅਤੇ ਅਗਲੇਰੀ ਸਿਖਲਾਈ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਕੈਡਿਟ ਪੰਜਾਬ ਦਾ ਮਾਣ ਹਨ। ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜ ਵਚਨਬੱਧਤਾ ਨੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀਐਸਐਮ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਪੀਐਸਸੀ ਪਾਸ ਕਰਨਾ ਇੱਕ ਮੀਲ ਪੱਥਰ ਹੈ ਪਰ ਐਸਐਸਬੀ ਅਸਲ ਪ੍ਰੀਖਿਆ ਹੈ। ਉਨ੍ਹਾਂ ਕੈਡਿਟਾਂ ਨੂੰ ਇਮਾਨਦਾਰੀ ਅਤੇ ਸਵੈ -ਪੜਚੋਲ ਨਾਲ ਆਪਣੇ ਮਨ ਨੂੰ ਇਕਾਗਰ ਅਤੇ ਸਿੱਖਿਅਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਫੈਕਲਟੀ ਨੂੰ ਵੀ ਵਧਾਈ ਦਿੱਤੀ ਜਿਨ੍ਹਾਂ ਨੇ ਇਹਨਾਂ ਨਤੀਜਿਆਂ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 25 ਕੈਡਿਟ ਇਸ ਸਾਲ ਜੂਨ ਵਿੱਚ ਸ਼ੁਰੂ ਹੋਣ ਵਾਲੇ ਐਨਡੀਏ, ਟੀਈਐਸ (ਤਕਨੀਕੀ ਐਂਟਰੀ ਸਕੀਮ) ਅਤੇ ਸੀਡੀਐਸ ਕੋਰਸਾਂ ਵਿੱਚ ਸ਼ਾਮਲ ਹੋਣ ਲਈ ਕਾਲ ਲੈਟਰਾਂ ਦੀ ਉਡੀਕ ਕਰ ਰਹੇ ਹਨ।