ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਲਈ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ 13 ਮਈ ਤੋਂ 16 ਮਈ 2026 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਦਾਖਲ ਕਰਵਾਈਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜਤਾਲ 18 ਮਈ 2026 ਨੂੰ ਕੀਤੀ ਜਾਵੇਗੀ ਜਦਕਿ 19 ਮਈ 2026 ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਵੋਟਾਂ 26 ਮਈ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ ਅਤੇ 29 ਮਈ 2026 ਨੂੰ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 1 ਤੋਂ 25 ਲਈ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਅਮਰਿੰਦਰ ਸਿੰਘ ਮੱਲ੍ਹੀ, ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ, ਜਦਕਿ ਵਾਰਡ ਨੰਬਰ 26 ਤੋਂ 50 ਲਈ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ ਦੇ ਦਫ਼ਤਰ ਵਿਖੇ ਸਵੀਕਾਰ ਕੀਤੇ ਜਾਣਗੇ।