ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ ਸਪੈਸ਼ਲ ਇਨਟੇਨਸਿਵ ਰਵਿਜ਼ਨ (SIR) ਮੁਹਿੰਮ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਦੋਂ ਕਿ ਰਾਜ ਵਿੱਚ ਵਿਧਾਨ ਸਭਾ ਚੋਣਾਂ ਲਈ ਦੱਸ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਭਾਰਤੀ ਚੋਣ ਆਯੋਗ ਵੱਲੋਂ ਇਸ ਸਬੰਧੀ ਕੀਤੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਤੋਂ ਬਾਅਦ ਵੀ ਇਹ ਕਾਰਵਾਈ ਕੀਤੀ ਜਾ ਸਕਦੀ ਸੀ ਤਾਂ ਜੋ ਲੋਕਾਂ ਨੂੰ ਇਹ ਭਰੋਸਾ ਰਹੇ ਕਿ ਇਸ ਦੇ ਪਿੱਛੇ ਕੋਈ ਲੁਕਿਆ ਹੋਇਆ ਐਜੰਡਾ ਨਹੀਂ ਹੈ। ਉਨ੍ਹਾਂ ਕਿਹਾ, “ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਨੇ ਇਹ ਗੱਲ ਬਿਲਕੁਲ ਸਾਫ਼ ਕਰ ਦਿੱਤੀ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ, ਇਕ ਆਗਿਆਕਾਰੀ ਚੋਣ ਆਯੋਗ ਦੀ ਮਦਦ ਨਾਲ, ਵੋਟਰ ਸੂਚੀਆਂ ਦੀ ਸਪੈਸ਼ਲ ਇਨਟੇਨਸਿਵ ਰਵਿਜ਼ਨ (SIR) ਵਰਗੀ ਧੋਖਾਧੜੀ ਵਾਲੀ ਕਾਰਵਾਈ ਰਾਹੀਂ ਚੋਣ ਨਤੀਜਿਆਂ ਨੂੰ ਆਪਣੇ ਹੱਕ ਵਿੱਚ ਮੋੜ ਸਕਦੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੱਸ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਚੋਣਾਂ ਹੋਣੀਆਂ ਹਨ, ਹੋ ਸਕਦਾ ਹੈ ਉਨ੍ਹਾਂ ਦੱਸਿਆ ਕਿ ਬੰਗਾਲ ਦੇ ਮਾਮਲੇ ਵਿੱਚ 27 ਲੱਖ ਅਸਲ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵੰਚਿਤ ਕਰ ਦਿੱਤਾ ਗਿਆ ਸੀ। “ਕਿਉਂਕਿ ਕਾਫ਼ੀ ਸਮਾਂ ਨਹੀਂ ਸੀ, ਇਸ ਲਈ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਕੀਤੀਆਂ ਅਪੀਲਾਂ ਚੋਣਾਂ ਤੋਂ ਪਹਿਲਾਂ ਨਿਪਟਾਇਆਂ ਨਹੀਂ ਗਈਆਂ। ਉਹ ਆਪਣੇ ਵੋਟ ਦੇ ਹੱਕ ਤੋਂ ਵੰਚਿਤ ਰਹੇ,” ਵੜਿੰਗ ਨੇ ਰਾਜ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਸਿਆਸੀ ਅਸਹਿਮਤੀਆਂ ਨੂੰ ਇਕ ਪਾਸੇ ਰੱਖ ਕੇ ਇਹ ਯਕੀਨੀ ਬਣਾਉਣ ਕਿ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਦੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵੰਚਿਤ ਨਾ ਕੀਤਾ ਜਾਵੇ, ਕਿਉਂਕਿ ਭਾਜਪਾ ਨੂੰ ਸ਼ੱਕ ਹੈ ਕਿ ਪੰਜਾਬੀ ਉਸਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ, “ਆਓ ਅਸੀਂ ਇਹ ਸੰਕਲਪ ਕਰੀਏ ਕਿ ਜੋ ਕੁਝ ਬਿਹਾਰ ਅਤੇ ਬੰਗਾਲ ਵਿੱਚ ਹੋਇਆ, ਉਹ ਪੰਜਾਬ ਵਿੱਚ ਨਹੀਂ ਹੋਣ ਦੇਵਾਂਗੇ।”