ਅੰਮ੍ਰਿਤਸਰ : ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਮੈਨੇਜਰ ਸਰਦਾਰ ਮੇਜਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਵੱਲੋਂ ਵੀ ਸਰਦਾਰ ਮੇਜਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸਰਦਾਰ ਮੇਜਰ ਸਿੰਘ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਵੱਲੋਂ ਚਲਾਏ ਜਾ ਰਹੇ ਕਾਰ ਸੇਵਾ ਕਾਰਜਾਂ ਅਤੇ ਸਮਾਜ ਭਲਾਈ ਪ੍ਰੋਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਕੇਂਦਰ ਦੀ ਸਮੂਹ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਵੱਲੋਂ ਸਿੱਖੀ, ਸਿੱਖਿਆ ਅਤੇ ਮਨੁੱਖਤਾ ਦੀ ਸੇਵਾ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਸਮਾਜ ਲਈ ਪ੍ਰੇਰਣਾ ਸਰੂਪ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਈ ਗੁਰਦੁਆਰਿਆਂ ਵਿੱਚ ਚੱਲ ਰਹੇ ਕਾਰ ਸੇਵਾ ਦੇ ਕੰਮ ਬਹੁਤ ਹੀ ਸ਼ਲਾਘਾਯੋਗ ਹਨ। ਧਾਰਮਿਕ ਅਸਥਾਨਾਂ ਦੀ ਸੰਭਾਲ ਅਤੇ ਸੰਗਤਾਂ ਦੀ ਸੇਵਾ ਲਈ ਕੀਤੇ ਜਾ ਰਹੇ ਇਹ ਯਤਨ ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹਨ।